ਹੁਸ਼ਿਆਰਪੁਰ ਅਦਾਲਤ ‘ਚ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਰੱਖਣ ਵਾਲੇ ਚਰਚਿਤ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਸੁਣਵਾਈ ‘ਤੇ ਰੋਕ ਲਗਾ ਦਿੱਤੀ। ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਦੇ ਖ਼ਿਲਾਫ਼ ਹੁਸ਼ਿਆਰਪੁਰ ਦੀ ਅਦਾਲਤ ‘ਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ਨੂੰ ਰੋਕਿਆ ਹੈ। ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ‘ਚ 2009 ‘ਚ ਫ਼ੌਜ਼ਜਦਾਰੀ ਕੇਸ ਦਾਇਰ ਕਰ ਕੇ ਅਕਾਲੀ ਦਲ ‘ਤੇ ਦੋ ਸੰਵਿਧਾਨ ਰੱਖਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖਰਾ ਸੰਵਿਧਾਨ ਹੈ ਅਤੇ ਭਾਰਤੀ ਚੋਣ ਕਮਿਸ਼ਨ ਕੋਲੋਂ ਮਾਨਤਾ ਲੈਣ ਲਈ ਵੱਖਰਾ ਸੰਵਿਧਾਨ ਪੇਸ਼ ਕੀਤਾ ਗਿਆ ਤੇ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਪਾਰਟੀ ਸੰਵਿਧਾਨ ‘ਚ ਅੰਕਿਤ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਪਾਲਣਾ ਕਰੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਪਾਰਟੀ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਂਦੀਆਂ ਹਨ। ਬਾਦਲ ਵੱਲੋਂ ਪੇਸ਼ ਵਕੀਲਾਂ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਧਾਰਮਿਕ ਚੋਣਾਂ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਉਲਟ ਨਹੀਂ ਹਨ ਕਿਉਂਕਿ ਇਕ ਸਿਆਸੀ ਪਾਰਟੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਦੀ ਹੈ, ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਧਰਮ ਨਿਰਪੱਖ ਨਹੀਂ ਹੈ। ਇਸ ਲਈ ਪਾਰਟੀ ਵੱਲੋਂ ਭਾਰਤੀ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਸੰਵਿਧਾਨ ਦੇ ਮਾਮਲੇ ‘ਚ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੇ ਦੋਸ਼ ਲਗਾ ਕੇ ਕੇਸ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਜਸਟਿਸ ਐੱਸ ਅਬਦੁਲ ਨਜ਼ੀਰ ਅਤੇ ਜਸਟਿਸ ਵੀ. ਸੁਬਰਾਮਨੀਅਮ ਦੀ ਬੈਂਚ ਨੇ ਫ਼ੌਜਦਾਰੀ ਕੇਸ ਖਾਰਜ ਕਰਨ ਦੀ ਮੰਗ ਕਰਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਇਸਦਾ ਨੋਟਿਸ ਜਾਰੀ ਕਰਦਿਆਂ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹੁਸ਼ਿਆਰਪੁਰ ਦੀ ਅਦਾਲਤ ‘ਚ ਚੱਲ ਰਹੀ ਫ਼ੌਜਦਾਰੀ ਸ਼ਿਕਾਇਤ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ। ਸੀਨੀਅਰ ਵਕੀਲ ਆਰ.ਐੱਸ. ਚੀਮਾ ਸੁਖਬੀਰ ਸਿੰਘ ਬਾਦਲ ਵੱਲੋਂ ਪੇਸ਼ ਹੋਏ। ਸੀਨੀਅਰ ਵਕੀਲ ਕੇ.ਵੀ. ਵਿਸ਼ਵਨਾਥਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਹੋਏ। ਇਸ ਤੋਂ ਇਲਾਵਾ ਸੰਦੀਪ ਕਪੂਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਪੇਸ਼ ਹੋਏ ਤੇ ਇੰਦਰਾ ਉਨੀਅਰ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ। ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੁੰਦਿਆਂ ਵਕੀਲ ਇੰਦਰਾ ਉਨੀਆਰ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਦਲੀਲਾਂ ਪੇਸ਼ ਕਰਨ ਦੀ ਮਨਜ਼ੂਰੀ ਦੇਣ। ਅਦਾਲਤ ਨੇ ਸੰਕੇਤ ਦਿੱਤਾ ਕਿ ਉਹ ਆਪਣਾ ਜਵਾਬ ਦਾਇਰ ਕਰ ਸਕਦੇ ਹਨ, ਜਿਨ੍ਹਾਂ ਦੀ ਸੁਣਵਾਈ ਅਗਲੀ ਤਾਰੀਖ਼ ‘ਤੇ ਕੀਤੀ ਜਾਵੇਗੀ।