ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀ ਮੰਗ ਲਈ ਅਤੇ ਅਤੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਨੂੰ ਗ਼ੈਰਕਨੂੰਨੀ ਦੱਸਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰੂ ਅਰਜਨ ਦੇਵ ਨਿਵਾਸ ਦੇ ਨੇੜੇ ਕੀਤੇ ਗਏ ਰੋਸ ਵਿਖਾਵੇ ਦੌਰਾਨ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਏ ਅਤੇ ਜਮਹੂਰੀਅਤ ਬਹਾਲ ਕਰੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਯੂਥ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਈਮਾਨ ਸਿੰਘ ਮਾਨ, ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 2011 ‘ਚ ਸ਼੍ਰੋਮਣੀ ਕਮੇਟੀ ਚੋਣਾਂ ਹੋਈਆਂ ਸਨ ਤੇ ਹੁਣ 11 ਸਾਲ ਬੀਤਣ ਦੇ ਬਾਵਜੂਦ ਵੀ ਚੋਣ ਨਹੀਂ ਕਰਵਾਈ ਜਾ ਰਹੀ ਜੋ ਜਮਹੂਰੀਅਤ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਆਪਣੀ ਮਿਆਦ ਖਤਮ ਕਰ ਚੁੱਕੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ, ਪਹਿਲਾਂ ਚੋਣਾਂ ਕਰਵਾ ਕੇ ਮੈਂਬਰ ਚੁਣੇ ਜਾਣ। ਆਗੂਆਂ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਉਮੀਦਵਾਰ ਬੀਬੀ ਜਗੀਰ ਕੌਰ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੋਵਾਂ ਦਾ ਵਿਰੋਧ ਕੀਤਾ।