ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ‘ਚ ਹੋਏ ਧਮਾਕੇ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕੀਤਾ ਹੈ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਕਿ ਦਰਬਾਰ ਸਾਹਿਬ ਵਿਚਲੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਕਰ ਰਹੀ ਟੀਮ ਦੀ ਚੌਕਸੀ ਕਾਰਨ ਇਹ ਵਿਅਕਤੀ ਕਾਬੂ ਕੀਤੇ ਗਏ ਹਨ। ਧਮਾਕਾ ਹੋਣ ਤੋਂ ਬਾਅਦ ਟੀਮ ਨੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਘਟਨਾ ਦਾ ਪਤਾ ਲਾਇਆ। ਇਸ ਮਾਮਲੇ ‘ਚ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਦੂਜੀ ਮੰਜ਼ਿਲ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ, ਜੋ ਇਸ ਘਟਨਾ ਨੂੰ ਕਥਿਤ ਤੌਰ ‘ਤੇ ਅੰਜਾਮ ਦੇਣ ਤੋਂ ਬਾਅਦ ਸਰਾਂ ਦੇ ਵਰਾਂਡੇ ‘ਚ ਆ ਕੇ ਲੇਟ ਗਿਆ ਸੀ। ਉਸ ਦੀ ਨਿਸ਼ਾਨਦੇਹੀ ‘ਤੇ ਬਾਅਦ ‘ਚ ਜੋੜੇ ਨੂੰ ਕਾਬੂ ਕੀਤਾ ਜਿਸ ਦਾ ਨਵਾਂ ਵਿਆਹ ਹੋਇਆ ਸੀ ਅਤੇ ਅਤੇ ਸਰਾਂ ਦੇ ਕਮਰੇ ‘ਚ ਠਹਿਰਿਆ ਹੋਇਆ ਸੀ। ਸ਼੍ਰੋਮਣੀ ਕਮੇਟੀ ਦੀ ਟੀਮ ਨੇ ਘਟਨਾ ਸਥਾਨ ਤੋਂ ਕੁਝ ਕਾਗਜ਼ ਦੇ ਟੁਕੜੇ ਅਤੇ ਇਸ ਵਿਅਕਤੀ ਕੋਲੋਂ ਬੈਗ ਵੀ ਬਰਾਮਦ ਕੀਤਾ ਹੈ, ਜੋ ਪੁਲੀਸ ਨੂੰ ਸੌਂਪ ਦਿੱਤਾ ਗਿਆ। ਇਨ੍ਹਾਂ ਵਿਚੋਂ ਇਕ ਵਿਅਕਤੀ 40 ਵਰ੍ਹਿਆਂ ਦਾ ਹੈ ਅਤੇ ਬਾਕੀ 2 ਉਸ ਤੋਂ ਘੱਟ ਉਮਰ ਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਬੂ ਕੀਤੇ ਵਿਅਕਤੀ ਅਤੇ ਉਨ੍ਹਾਂ ਕੋਲੋਂ ਬਰਾਮਦ ਹੋਏ ਸਾਮਾਨ ਬਾਰੇ ਕੁਝ ਹੋਰ ਖੁਲਾਸਾ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਜਾਂਚ ਦਾ ਮਾਮਲਾ ਹੈ ਅਤੇ ਇਸ ਬਾਰੇ ਪੁਲੀਸ ਹੀ ਖੁਲਾਸਾ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪੁਲੀਸ ਇਨ੍ਹਾਂ ਧਮਾਕਿਆਂ ਨੂੰ ਰੋਕਣ ‘ਚ ਅਸਫਲ ਰਹੀ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਦੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਪੰਜਾਬ ਪੁਲੀਸ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਇਸ ਦੀ ਜਾਂਚ ਕਰਵਾਉਣ ਦੀ ਲੋੜ ਹੈ।