ਸ਼੍ਰੋਮਣੀ ਕਮੇਟੀ ਨੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰ.ਐੱਸ.ਐੱਸ. ਅਤੇ ਭਾਜਪਾ ਵੱਲੋਂ ਸਿੱਖ ਮਸਲਿਆਂ ‘ਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਲਿਖੇ ਇਸ ਪੱਤਰ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਖਤ ਸ਼ਬਦਾਂ ‘ਚ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ‘ਚ ਆਈ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਆਰੰਭੇ ਗਏ ਸੰਘਰਸ਼ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਦਾ ਮੁੱਢ ਬੰਨ੍ਹਿਆ ਸੀ, ਪਰ ਦੁੱਖ ਦੀ ਗੱਲ ਹੈ ਕਿ ਮੌਜੂਦਾ ਸਮੇਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਨੂੰ ਉਲਝਾਉਣ ਲਈ ਸਿੱਧੇ ਤੌਰ ‘ਤੇ ਦਖਲ ਦਿੱਤਾ ਜਾ ਰਿਹਾ ਹੈ। ਇਸ ਦੀ ਮਿਸਾਲ ਇਸੇ ਮਹੀਨੇ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਮੌਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਦੀ ਰਾਜਸੀ ਧਿਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਹਰਿਆਣਾ ਦੀ ਭਾਜਪਾ ਸਰਕਾਰ ਅਤੇ ਸੰਵਿਧਾਨਕ ਅਹੁਦਿਆਂ ‘ਤੇ ਬੈਠੇ ਭਾਜਪਾ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣ ‘ਚ ਸਿੱਧੀ ਦਖਲਅੰਦਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਦੇਸ਼ ਦੇ ਬਹੁ-ਸੱਭਿਅਕ ਤੇ ਬਹੁ-ਧਰਮੀ ਸਮਾਜ ਅੰਦਰ ਆਪਸੀ ਧਾਰਮਿਕ ਦੂਰੀ ਵਧਾਉਣ ਵਾਲੀ ਹੈ। ਜੇਕਰ ਇਹ ਵਰਤਾਰਾ ਨਾ ਰੋਕਿਆ ਗਿਆ ਤਾਂ ਸਿੱਖਾਂ ਦੇ ਮਨਾਂ ਅੰਦਰ ਪੈਦਾ ਹੋਣ ਵਾਲੀ ਅਸਥਿਰਤਾ ਦੇਸ਼ ਲਈ ਘਾਤਕ ਹੋਵੇਗੀ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਅਤੇ ਇਸ ਦੀ ਰਾਜਸੀ ਧਿਰ ਭਾਜਪਾ ਜਿਹੜੇ ਰਸਤੇ ‘ਤੇ ਚੱਲ ਰਹੀਆਂ ਹਨ, ਇਸ ਤੋਂ ਪਹਿਲਾਂ ਕਾਂਗਰਸ ਵੀ ਅਜਿਹੇ ਰਸਤੇ ‘ਤੇ ਚਲਦੀ ਸੀ। ਇਹ ਨੀਤੀ ਪ੍ਰਵਾਨ ਕਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ 102 ਸਾਲਾ ਦੇ ਸਫਰ ਦੌਰਾਨ ਕਦੇ ਵੀ ਕਿਸੇ ਦੂਜੇ ਧਰਮ ‘ਚ ਦਖਲ ਨਹੀਂ ਦਿੱਤਾ। ਇਸ ਲਈ ਆਰ.ਐੱਸ.ਐੱਸ. ਅਤੇ ਭਾਜਪਾ ਵੱਲੋਂ ਸਿੱਖ ਮਸਲਿਆਂ ‘ਚ ਦਿੱਤਾ ਜਾ ਰਿਹਾ ਦਖਲ ਬੰਦ ਕੀਤਾ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਾ 102ਵਾਂ ਸਥਾਪਨਾ ਦਿਵਸ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ‘ਚ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਗਿਆਨੀ ਗੁਰਮਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਦੀ ਦੇ ਸਫ਼ਰ ਦੌਰਾਨ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਜ਼ਰ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਰਬਾਨੀਆਂ ਨਾਲ ਹੋਂਦ ‘ਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਉਨ੍ਹਾਂ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਭਰਿਆ ਸਫ਼ਰ ਕੀਤਾ ਹੈ, ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ। ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾਈਆਂ। ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਪੱਤਰ ਦੇ ਕੇ ਸਿੱਖਾਂ ਵਿਰੁੱਧ ਭੜਕਾਊ ਤੇ ਨਫ਼ਰਤੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਲਿਖਿਆ ਗਿਆ ਹੈ, ਜੋ ਉਨ੍ਹਾਂ ਨੇ ਪੁਲੀਸ ਦੇ ਡੀ.ਸੀ.ਪੀ. ਪ੍ਰਮਿੰਦਰ ਸਿੰਘ ਭੰਡਾਲ ਨੂੰ ਸੌਂਪਿਆ।