ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚਲੇ ਸਿਹਤ ਕੇਂਦਰ ਤੋਂ ਸ਼ਹੀਦ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਉਣ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਦੀਆਂ ਤਸਵੀਰ ‘ਤੇ ਕਾਲਖ ਮਲ਼ ਦਿੱਤੀ। ਯੂਨੀਅਨ ਸੂਬਾ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਤੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਵੋਟਾਂ ਲੈ ਕੇ ਸਰਕਾਰ ਬਣਾਉਣ ਵਾਲੀ ‘ਆਪ’ ਨੇ ਖਟਕੜ ਕਲਾਂ ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਤੇ ਉਸ ਦੇ ਪਰਿਵਾਰ ਦੀਆਂ ਤਸਵੀਰਾਂ ਹਟਾ ਕੇ ਗਲਤ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾ ਕੇ ਵੋਟਾਂ ਲਈਆਂ ਤੇ ਦੂਜੇ ਪਾਸੇ ਸ਼ਹੀਦਾਂ ਦੇ ਨਾਂ ਹੀ ਮਿਟਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਤੇ ਪਰਿਵਾਰ ਦੀਆਂ ਹਟਾਈਆਂ ਤਸਵੀਰਾਂ ਮੁੜ ਲਗਾਈਆਂ ਜਾਣ, ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ ‘ਚ ਗੁਪਤ ਟਿਕਾਣੇ ‘ਤੇ ਮਿਊਜ਼ੀਅਮ ਬਣਾਇਆ ਜਾਵੇ। ਇਸੇ ਦੌਰਾਨ ਖਟਕੜ ਕਲਾਂ ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਾਉਣ ਦੀ ਕਾਂਗਰਸ ਨੇ ਨਿਖੇਧੀ ਕੀਤੀ ਹੈ।