ਸ਼ਹੀਦੀ ਕਰਤਾਰ ਸਿੰਘ ਸਰਾਭਾ ਦੇ 107ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ‘ਚ ਕਰਵਾਏ ਗਏ ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਗ਼ਦਰੀ ਸੂਰਬੀਰ ਕਰਤਾਰ ਸਿੰਘ ਸਰਾਭਾ ਸਮੇਤ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਤੇ ਹੋਰ ਸ਼ਹੀਦਾਂ ਨੂੰ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਸ ਪੁਰਸਕਾਰ ਦੀ ਸ਼ੋਭਾ ਹੋਰ ਵਧੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਲਈ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਹਲਵਾਰਾ ਕੌਮਾਂਤਰੀ ਏਅਰਪੋਰਟ ਦੇ ਟਰਮੀਨਲ ਦੀ ਉਸਾਰੀ ਦਾ ਕੰਮ ਛੇਤੀ ਮੁਕੰਮਲ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 48 ਕਰੋੜ 90 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ‘ਤੇ ਸ਼ਹੀਦ ਦੇ ਬੁੱਤ ਨੂੰ ਹਾਰ ਪਾ ਕੇ ਸਲਾਮੀ ਦਿੱਤੀ। ਇਸ ਮਗਰੋਂ ਸ਼ਹੀਦੀ ਸਮਾਰਕ ਅਤੇ ਸ਼ਹੀਦ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਭਗਵੰਤ ਮਾਨ ਨੇ ਸ਼ਹੀਦ ਦੇ ਜੱਦੀ ਘਰ ‘ਚ ਦਰਸ਼ਨਾਰਥੀ ਪੁਸਤਕ ‘ਚ ਲਿਖਿਆ, ‘ਸ਼ਹੀਦ ਦੇ ਜੱਦੀ ਘਰ ਆ ਕੇ ਜੋਸ਼ ਅਤੇ ਦੇਸ਼ਭਗਤੀ ਦੇ ਜਜ਼ਬੇ ਵਾਲੀ ਸੋਚ ਨੂੰ ਆਪਣੇ ਅੰਦਰ ਹੋਰ ਮਜ਼ਬੂਤ ਕੀਤਾ ਹੈ।’ ਪਿੰਡ ਵਾਸੀਆਂ ਦੀ ਮੰਗ ‘ਤੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਸਮੇਤ ਰੱਖੀਆਂ ਹੋਰ ਮੰਗਾਂ ਛੇਤੀ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ। ਭਗਵੰਤ ਮਾਨ ਨੇ ਸਭ ਤੋਂ ਛੋਟੀ ਉਮਰ ‘ਚ ਵੱਡੀ ਕੁਰਬਾਨੀ ਦੇਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਖੇਡ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਦਾ ਇਰਾਦਾ ਜ਼ਾਹਰ ਕਰਦਿਆਂ ਨੌਜਵਾਨਾਂ ਦੀ ਬੇਮਿਸਾਲ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਇਸ ਦਿਸ਼ਾ ‘ਚ ਸਾਰਥਕ ਉਪਰਾਲਾ ਦੱਸਿਆ। ਉਨ੍ਹਾਂ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਯਤਨ ਹੋਰ ਤੇਜ਼ ਕਰਨ ਦੀ ਹਾਮੀ ਭਰੀ।