ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚਲਾ ਘਮਸਾਣ ਸਿਖਰਾਂ ‘ਤੇ ਸੀ ਅਤੇ ਚੋਣਾਂ ‘ਚ ਬੁਰੀ ਤਰ੍ਹਾਂ ਹਾਰ ਮਗਰੋਂ ਵੀ ਪਾਰਟੀ ਨੇ ਕੋਈ ਸਬਕ ਨਹੀਂ ਸਿੱਖਿਆ ਲੱਗਦਾ। ਇਹੋ ਕਾਰਨ ਹੈ ਕਿ ਚੋਣਾਂ ‘ਚ ਸੱਤਾ ਗਵਾਉਣ ਤੋਂ ਪੰਜ ਕੁ ਮਹੀਨੇ ਮਗਰੋਂ ਮੁੜ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਤੇਜ਼ ਹੋ ਗਈ ਹੈ ਅਤੇ ਪਹਿਲਾਂ ਵਾਲਾ ਘਮਸਾਣ ਫਿਰ ਵਧਣ ਲੱਗਾ ਹੈ। ਭ੍ਰਿਸ਼ਟਾਚਾਰ ਅਤੇ ਘਪਲੇ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਹਮਾਇਤ ‘ਚ ਪੰਜਾਬ ਕਾਂਗਰਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਪਾਰਟੀ ਦੇ ਕਿਸਾਨ ਵਿੰਗ ਦੇ ਕੌਮੀ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਰਕਹੀਣ ਕਰਾਰ ਦਿੱਤਾ ਹੈ। ਖਹਿਰਾ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁਖਾਤਿਬ ਹੁੰਦਿਆਂ ਕਿਹਾ ਹੈ ਕਿ ਪਾਰਟੀ ਨੂੰ ਕਿਸੇ ਵਿਅਕਤੀ ਵਿਸ਼ੇਸ਼ ਦੀ ਲੜਾਈ ਲੜਨ ਦੀ ਥਾਂ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਟਵੀਟ ਕਰਕੇ ਇਹ ਵੀ ਕਿਹਾ ਹੈ ਕਿ ਪਾਰਟੀ ਨੂੰ ਇਸ ਸਮੇਂ ਵਿਅਕਤੀਗਤ ਮੁੱਦਿਆਂ ‘ਤੇ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਹੈ। ਖਹਿਰਾ ਦੇ ਟਵੀਟ ਨੇ ਪਾਰਟੀ ਅੰਦਰ ਭਾਰੀ ਹਲਚਲ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ‘ਤੇ ਵੜਿੰਗ ਅਤੇ ਖਹਿਰਾ ਦਰਮਿਆਨ ਤਲਖੀ ਹੋਣ ਦੀਆਂ ਰਿਪੋਰਟਾਂ ਵੀ ਆ ਰਹੀਆਂ ਹਨ। ਸੂਤਰਾਂ ਮੁਤਾਬਕ ਵੜਿੰਗ ਨੇ ਇਹ ਮਾਮਲਾ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਸੀਨੀਅਰ ਆਗੂ ਏ ਵੇਣੂਗੋਪਾਲ ਦੇ ਧਿਆਨ ‘ਚ ਲਿਆ ਕੇ ਖਹਿਰਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲਾ ਉਸ ਸਮੇਂ ਹੋਰ ਵੀ ਗੰਭੀਰ ਹੋ ਗਿਆ ਜਦੋਂ ਖਹਿਰਾ ਨੇ ਪਾਰਟੀ ਹਾਈ ਕਮਾਨ ਦੇ ਨਿਰਦੇਸ਼ ਮੰਨਣ ਤੋਂ ਇਨਕਾਰ ਕਰਦਿਆਂ ‘ਵਿਵਾਦਤ ਟਵੀਟ’ ਡਿਲੀਟ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਹੋਣ ਵਾਲੇ ਦਿਨ ਤੋਂ ਹੀ ਕਾਂਗਰਸ ਆਗੂ ਵਿਜੀਲੈਂਸ ਦੀ ਕਾਰਵਾਈ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਕ ਦਿਨ ਪਹਿਲਾਂ ਹੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਲੁਧਿਆਣਾ ਵਾਲੇ ਧਰਨੇ ‘ਚ ਸ਼ਮੂਲੀਅਤ ਕਰਦਿਆਂ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ‘ਚ ਰਹੇ ਮੰਤਰੀਆਂ ਨੂੰ ਬੇਦਾਗ਼ ਹੋਣ ਦਾ ਸਰਟੀਫਿਕੇਟ ਵੀ ਜਾਰੀ ਕੀਤਾ ਸੀ। ਖਹਿਰਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਟਵੀਟ ਕਰਕੇ ਕੁਝ ਵੀ ਗਲਤ ਨਹੀਂ ਕੀਤਾ ਹੈ। ਉਨ੍ਹਾਂ ਇਥੋਂ ਤੱਕ ਕਿਹਾ ਕਿ ਜੇਕਰ ਪਾਰਟੀ ਦਾ ਕੋਈ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰਦਾ ਹੈ ਤਾਂ ਸਭ ਤੋਂ ਪਹਿਲਾਂ ਦੋਸ਼ਾਂ ‘ਚ ਘਿਰਨ ਵਾਲੇ ਵਿਅਕਤੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਜਿਸ ਤਰ੍ਹਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਸਥਿਤੀ ਸਪੱਸ਼ਟ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਸ਼ੂ ਵੱਲੋਂ ਆਪਣੀ ਸਥਿਤੀ ਸਪੱਸ਼ਟ ਨਹੀਂ ਕਰ ਦਿੱਤੀ ਜਾਂਦੀ ਉਦੋਂ ਤੱਕ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਕੋਈ ਤੁਕ ਨਹੀਂ ਬਣਦੀ ਕਿਉਂਕਿ ਸੋਸ਼ਲ ਮੀਡੀਆ ‘ਤੇ ਕਾਂਗਰਸ ਆਗੂ ਹੀ ਲੋਕਾਂ ਦੇ ਰੋਹ ਦਾ ਸ਼ਿਕਾਰ ਹੋ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਕੁਝ ਵੀ ਗਲਤ ਨਹੀਂ ਲਿਖਿਆ ਹੈ। ਉਨ੍ਹਾਂ ਕਿਹਾ ਕਿ ਟਵੀਟ ‘ਚ ਜੋ ਵੀ ਲਿਖਿਆ ਹੈ, ਉਹ ਲੋਕਾਂ ਦੀਆਂ ਭਾਵਨਾਵਾਂ ਮੁਤਾਬਕ ਹੈ। ਪੰਜਾਬ ਕਾਂਗਰਸ ‘ਚ ਚੱਲ ਰਹੀ ਇਸ ਕਸ਼ਮਕਸ਼ ਨੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਵੀ ਉਜਾਗਰ ਕਰ ਦਿੱਤਾ ਹੈ। ਪਾਰਟੀ ਆਗੂਆਂ ਮੁਤਾਬਕ ਖਹਿਰਾ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਮਾਮਲੇ ‘ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪਹਿਲਾਂ ਹੀ ਖਫਾ ਸਨ ਅਤੇ ਤਾਜ਼ਾ ਟਵੀਟ ਨੇ ਬਲਦੀ ‘ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਕਾਂਗਰਸ ਅੰਦਰ ਕਾਟੋ ਕਲੇਸ਼ ਵਧਣ ਦੇ ਵੀ ਸੰਕੇਤ ਮਿਲ ਰਹੇ ਹਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ‘ਆਪ’ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਕਾਂਗਰਸ ਇਕ ਤਰ੍ਹਾਂ ਨਾਲ ਦੋ ਧੜਿਆਂ ‘ਚ ਵੰਡੀ ਪਈ ਹੈ।