ਚੰਡੀਗਡ਼੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ‘ਝੂੰਦਾ ਕਮੇਟੀ’ ਦੀ ਰਿਪੋਰਟ ’ਤੇ ਕਰੀਬ ਪੰਜ ਘੰਟੇ ਚੱਲੇ ਮੰਥਨ ਮਗਰੋਂ ਇਹ ਗੱਲ ਸਾਫ਼ ਹੋ ਗਈ ਹੈ ਕਿ ਪਾਰਟੀ ਦੀ ਲੀਡਰਸ਼ਿਪ ’ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ। ਪਰ ਇਸ ਤੋਂ ਬਾਅਦ ਵੀ ਅਕਾਲੀ ਦਲ ’ਚ ਬੇਚੈਨੀ ਬਰਕਰਾਰ ਹੈ। ਇਸ ਮੀਟਿੰਗ ਤੋਂ ਇਕ ਦਿਨ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਆਖ ਕੇ ਹਲਚਲ ਮਚਾ ਦਿੱਤੀ ਕਿ ਝੂੰਦਾ ਕਮੇਟੀ ਦੀ ਰਿਪੋਰਟ ਪਹਿਲਾਂ ਸਮੀਖਿਆ ਕਮੇਟੀ ਕੋਲ ਜਾਣੀ ਚਾਹੀਦੀ ਸੀ। ਪੰਜਾਬ ਚੋਣਾਂ ’ਚ ਹੋਈ ਹਾਰ ਮਗਰੋਂ ਪਾਰਟੀ ਨੇ ਹਾਰ ਦੀ ਸਮੀਖਿਆ ਲਈ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ’ਚ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਕਰੀਬ ਸੌ ਹਲਕਿਆਂ ’ਚ ਜਾ ਕੇ ਆਗੂਆਂ ਅਤੇ ਵਰਕਰਾਂ ਤੋਂ ਸੁਝਾਅ ਲਏ ਸਨ। ਬੇਸ਼ੱਕ ਝੂੰਦਾ ਕਮੇਟੀ ਦੀ ਰਿਪੋਰਟ ਪਹਿਲਾਂ ਹੀ ਪੇਸ਼ ਹੋ ਚੁੱਕੀ ਸੀ ਪ੍ਰੰਤੂ ਪਿਛਲੀ ਕੋਰ ਕਮੇਟੀ ਮੀਟਿੰਗ ’ਚ ਇਸ ’ਤੇ ਕੋਈ ਚਰਚਾ ਨਹੀਂ ਹੋਈ ਸੀ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਰਾਸ਼ਟਰਪਤੀ ਚੋਣਾਂ ਦੇ ਬਾਈਕਾਟ ਮੌਕੇ ਝੂੰਦਾ ਕਮੇਟੀ ਦੀ ਰਿਪੋਰਟ ਬਾਰੇ ਗੱਲ ਕੀਤੀ ਗਈ ਸੀ, ਜਿਸ ਮਗਰੋਂ ਕੋਰ ਕਮੇਟੀ ਦੀ ਮੀਟਿੰਗ ’ਚ ਝੂੰਦਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਹੋਈ। ਸਿਆਸੀ ਹਲਕਿਆਂ ’ਚ ਪਹਿਲਾਂ ਹੀ ਚਰਚਾ ਸੀ ਕਿ ਪਾਰਟੀ ਪ੍ਰਧਾਨ ਨੂੰ ਬਦਲਣਾ ਸੌਖਾ ਨਹੀਂ ਹੋਵੇਗਾ। ਪਿਛਲੀ ਕੋਰ ਕਮੇਟੀ ਦੀ ਮੀਟਿੰਗ ’ਚ ਸੰਗਰੂਰ ਜ਼ਿਮਨੀ ਚੋਣ ’ਚ ਪਾਰਟੀ ਦੀ ਹੋਈ ਨਮੋਸ਼ੀਜਨਕ ਹਾਰ ’ਤੇ ਵੀ ਚਰਚਾ ਹੋਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦਡ਼, ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਨੇ ਮੀਟਿੰਗ ਦੇ ਵੇਰਵੇ ਸਾਂਝੇ ਕੀਤੇ। ਅਕਾਲੀ ਆਗੂਆਂ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ’ਚ 42 ਸੁਝਾਅ ਦਿੱਤੇ ਗਏ ਹਨ। ਪਾਰਟੀ ਪ੍ਰਧਾਨ ਨੂੰ ਬਦਲੇ ਜਾਣ ਦਾ ਰਿਪੋਰਟ ’ਚ ਕੋਈ ਜ਼ਿਕਰ ਨਹੀਂ ਹੈ ਅਤੇ ਭਵਿੱਖ ’ਚ ਪਾਰਟੀ ਪ੍ਰਧਾਨ ਦੀ ਮਿਆਦ ਤੈਅ ਕੀਤੇ ਜਾਣ ਦੀ ਗੱਲ ਜ਼ਰੂਰ ਕਹੀ ਗਈ ਹੈ। ਝੂੰਦਾ ਕਮੇਟੀ ਦੀ ਰਿਪੋਰਟ ’ਚ ਇਹ ਗੱਲ ਪ੍ਰਮੁੱਖਤਾ ਨਾਲ ਕਹੀ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਮੂਲ ਸਿਧਾਂਤਾਂ ਤੋਂ ਭਟਕਿਆ ਹੈ ਅਤੇ ਰਾਜ ਸੱਤਾ ’ਚ ਰਹਿਣ ਕਰਕੇ ਕਈ ਕਮੀਆਂ ਆਈਆਂ ਹਨ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਰਿਪੋਰਟ ਇੰਨ ਬਿੰਨ ਲਾਗੂ ਕੀਤੀ ਜਾਵੇਗੀ ਅਤੇ ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਗਏ ਹਨ। ਪਾਰਟੀ ਨੇ ਸੰਘੀ ਢਾਂਚੇ ਦੀ ਮਜ਼ਬੂਤੀ, ਸੂਬਿਆਂ ਨੂੰ ਵੱਧ ਅਧਿਕਾਰ ਦੇਣ ਅਤੇ ਘੱਟ ਗਿਣਤੀਆਂ ਦੇ ਹੱਕਾਂ ਲਈ ਮਜ਼ਬੂਤੀ ਨਾਲ ਲਡ਼ਨ ਦਾ ਫ਼ੈਸਲਾ ਕੀਤਾ। ਪੰਜਾਬ ਦੇ ਬੁਨਿਆਦੀ ਮਸਲਿਆਂ ’ਤੇ ਵੀ ਆਵਾਜ਼ ਬੁਲੰਦ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਆਗੂਆਂ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਲਈ ਇਕ ਦੋ ਮੀਟਿੰਗਾਂ ਹੋਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਲੋਕ ਆਰ.ਐਸ.ਐਸ. ਅਤੇ ਭਾਜਪਾ ਦਾ ਏਜੰਡਾ ਲਾਗੂ ਕਰਾਉਣਾ ਚਾਹੁੰਦੇ ਹਨ ਅਤੇ ਪਾਰਟੀ ਤੇ ਪੰਥ ਖ਼ਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਨੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕੀਤਾ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦਡ਼ ਨੇ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਜਲਦ ਜਨਤਕ ਕੀਤੀ ਜਾਵੇਗੀ। ਭੂੰਦਡ਼ ਨੇ ਇਹ ਵੀ ਕਿਹਾ ਕਿ ਮਨਪ੍ਰੀਤ ਇਯਾਲੀ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਹ ਪੁੱਛਣਾ ਚਾਹੁੰਦੇ ਹਨ ਕਿ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਨਾ ਹੱਲ ਸੀ ਜਾਂ ਵੋਟ ਪਾਉਣਾ। ਭੂੰਦਡ਼ ਨੇ ‘ਆਪ’ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ੋਕ ਮਤੇ ਵੀ ਪੇਸ਼ ਕੀਤੇ ਗਏ।