ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ’ਚ ਇਕ ‘ਚੌਲ’ ਦੇ ਪੁਨਰ ਵਿਕਾਸ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਮੁੰਬਈ ਦੇ ਬੈਲਾਰਡ ਅਸਟੇਟ ’ਚ ਈ.ਡੀ. ਦੇ ਡਵੀਜ਼ਨਲ ਦਫ਼ਤਰ ’ਚ 7 ਘੰਟਿਆਂ ਤੋਂ ਵੱਧ ਚੱਲੀ ਪੁੱਛਗਿੱਛ ਤੋਂ ਬਾਅਦ ਰਾਊਤ (60) ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਰਾਊਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਹਿਰਾਸਤ ’ਚ ਲਿਆ ਗਿਆ, ਕਿਉਂਕਿ ਉਹ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਸੀ। ਗ੍ਰਿਫ਼ਤਾਰੀ ਤੋਂ ਪਹਿਲਾਂ ਈ.ਡੀ. ਨੇ ਰਾਊਤ ਦੇ ਘਰ ਕਰੀਬ 9 ਘੰਟਿਆਂ ਤੱਕ ਛਾਪੇਮਾਰੀ ਕੀਤੀ, ਜਿਸ ’ਚ 11.5 ਲੱਖ ਰੁਪਏ ਨਕਦ ਜ਼ਬਤ ਕੀਤੇ ਗਏ। ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਰਾਊਤ ਨੂੰ ਮੁੰਬਈ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਿੱਥੇ ਈ.ਡੀ. ਉਸ ਦੀ ਹਿਰਾਸਤ ਦੀ ਮੰਗ ਕਰੇਗਾ। ਜਾਂਚ ਏਜੰਸੀ ਦੀ ਇਕ ਟੀਮ ਐਤਵਾਰ ਨੂੰ ਮੁੰਬਈ ਦੇ ਭਾਂਡੁਪ ਇਲਾਕੇ ’ਚ ਰਾਊਤ ਦੀ ਰਿਹਾਇਸ਼ ’ਤੇ ਪਹੁੰਚੀ, ਜਿੱਥੇ ਉਸ ਨੇ ਰਾਊਤ ਤੋਂ ਪੁੱਛਗਿੱਛ ਕੀਤੀ ਅਤੇ ਸ਼ਾਮ ਤਕ ਏਜੰਸੀ ਦੇ ਸਥਾਨਕ ਦਫਤਰ ’ਚ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। ਇਸ ਤੋਂ ਪਹਿਲਾਂ ਰਾਊਤ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਅਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।