ਬਰਨਾਲਾ ਜੇਲ੍ਹ ਤੋਂ ਸੱਤ ਮਹੀਨੇ ਬਾਅਦ ਜ਼ਮਾਨਤ ‘ਤੇ ਰਿਹਾਈ ਸਮੇਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਬੈਂਸ ਨੇ ਬਰਨਾਲਾ ਜੇਲ੍ਹ ਤੋਂ ਲੁਧਿਆਣਾ ਤੱਕ ਰੋਡ ਸ਼ੌਅ ਕੱਢਿਆ ਅਤੇ ਲੁਧਿਆਣਾ ਪਹੁੰਚਣ ‘ਤੇ ਬੈਂਸ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਦਫ਼ਤਰ ਕੋਟ ਮੰਗਲ ਸਿੰਘ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜੀ ਸੀ ਇਸ ਕਰਕੇ ਇਹ ਕੇਸ ਉਨ੍ਹਾਂ ਨੂੰ ਇਨਾਮ ਵੱਜੋਂ ਮਿਲੇ ਸਨ। ਬੈਂਸ ਨੇ ਇਸ ਮੌਕੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ‘ਚ ਪੂਰੀ ਤਾਕਤ ਨਾਲ ਲੜੇਗੀ। ਇਸ ਮੌਕੇ ਬੈਂਸ ਨੇ ਬੰਦੀ ਸਿੰਘਾਂ ਦੀ ਰਿਹਾਈ, ਜ਼ੀਰਾ ਫੈਕਟਰੀ, ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦੀ ਮੰਗ ਲਈ ਲੱਗਿਆ ਪੱਕਾ ਮੋਰਚਾ, ਸਿੱਧੂ ਮੂਸੇਵਾਲਾ ਦਾ ਕਤਲ, ਲਤੀਫ਼ਪੁਰਾ ‘ਚ ਬੇਘਰ ਕੀਤੇ ਗਏ ਲੋਕਾਂ ਆਦਿ ਮੁੱਦਿਆਂ ‘ਤੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ‘ਚ ਭ੍ਰਿਸ਼ਟਾਚਾਰ ਕਈ ਗੁਣਾ ਵੱਧ ਗਿਆ ਹੈ। ਇਸ ਤੋਂ ਪਹਿਲਾਂ ਬਰਨਾਲਾ ਜੇਲ੍ਹ ਦੇ ਬਾਹਰ ਸਿਮਰਜੀਤ ਸਿੰਘ ਬੈਂਸ ਦੇ ਸਵਾਗਤ ਲਈ ਵੱਡੀ ਗਿਣਤੀ ‘ਚ ਉਨ੍ਹਾਂ ਦੇ ਸਮਰਥਕ ਇਕੱਠੇ ਹੋਏ। ਇਸ ਮੌਕੇ ਬੈਂਸ ਨੇ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਦੀ ਸੱਚਾਈ ਨੂੰ ਦੇਖ ਕੇ ਹੀ ਜ਼ਮਾਨਤ ਮਨਜ਼ੂਰ ਕੀਤੀ ਹੈ। ਸਾਬਕਾ ਵਿਧਾਇਕ ਬੈਂਸ ਨੇ ਦੱਸਿਆ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਉਸ ਨੂੰ ਵਿਦੇਸ਼ ਤੋਂ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀ ‘ਚ ਲਿਖਿਆ ਗਿਆ ਹੈ ਕਿ ਹੁਣ ਉਹ ਬਾਹਰ ਆ ਗਿਆ ਹੈ ਇਸ ਲਈ ਹੁਣ ਉਸ ਦੀ ਖੇਡ ਖਤਮ ਹੈ। ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਇਸ ਸਬੰਧੀ ਡੀ.ਜੀ.ਪੀ. ਤੇ ਪੁਲੀਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਭੇਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।