ਸਰਦ ਰੁੱਤ ਸੈਸ਼ਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ‘ਚ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ ਚੁੱਕਿਆ ਜਦਕਿ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਰਲੀਮੈਂਟ ‘ਚ ਪ੍ਰਦੂਸ਼ਿਤ ਪਾਣੀ ਨਾਲ ਬਿਮਾਰ ਹੋ ਰਹੇ ਪੰਜਾਬ ਦਾ ਮੁੱਦਾ ਚੁੱਕਿਆ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਨੇ ਰਾਜ ਸਭਾ ‘ਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਐੱਨ.ਸੀ.ਆਰ.ਬੀ. ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ 2017 ਤੋਂ 2021 ਤੱਕ ਪੰਜਾਬ ‘ਚ ਲਗਪਗ 53000 ਕਿਸਾਨ ਤੇ ਮਜ਼ਦੂਰ ਆਪਣੇ ਸਿਰ ਚੜ੍ਹੇ ਕਰਜ਼ਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਦੇ ਕਿਸਾਨ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ ਤੇ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲੇ ਅੰਨਦਾਤਾ ਅੱਜ ਭੁੱਖੇ ਸੌਣ ਲਈ ਮਜਬੂਰ ਹੋ ਰਹੇ ਹਨ। ਸੰਤ ਸੀਚੇਵਾਲ ਨੇ ਸਦਨ ‘ਚ ਮੰਗ ਰੱਖੀ ਕਿ ਹੜ੍ਹ, ਸੋਕੇ ਜਾਂ ਹੋਰ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਜਾਣ ਵਾਲੀਆਂ ਫ਼ਸਲਾਂ ਲਈ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਡੂੰਘੇ ਕਰਜ਼ਿਆਂ ਦੇ ਭਾਰ ਹੇਠ ਦੱਬੇ ਹੋਏ ਕਿਸਾਨਾਂ ਦੇ ਕਰਜ਼ੇ ਵੀ ਕਾਰਪੋਰੇਟਾਂ ਦੀ ਤਰਜ਼ ‘ਤੇ ਮੁਆਫ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁੱਖ ਵਾਲੀ ਗੱਲ ਹੈ ਕਿ ਹਾਲੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਰਿਹਾ। ਅਜਿਹੇ ਹਾਲਾਤ ਵਿੱਚ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਅਸੰਭਵ ਹੈ। ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ‘ਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਲੋਕ ਸਭਾ ‘ਚ ਕਿਹਾ ਕਿ ਪੰਜਾਬ ਤੇ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਬਿਮਾਰ ਹੋ ਰਹੇ ਹਨ ਅਤੇ ਮਰ ਰਹੇ ਹਨ। ਉਨ੍ਹਾਂ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਦੀ ਇਕ ਕੇਂਦਰੀ ਕਮੇਟੀ ਬਣਾਉਣ ਦੀ ਮੰਗ ਕੀਤੀ। ਲੋਕ ਸਭਾ ‘ਚ ਸਿਫ਼ਰ ਕਾਲ ਦੌਰਾਨ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਨੂੰ ਗੁਰੂਆਂ ਦੀ ਧਰਤੀ ਵਜੋਂ ਜਾਣਿਆਂ ਜਾਂਦਾ ਹੈ ਜਿਨ੍ਹਾਂ ਨੇ ਚੰਗੇ ਰਹਿਣ-ਸਹਿਣ ਤੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ‘ਚ ਇਕ ਸ਼ਰਾਬ ਦੀ ਫੈਕਟਰੀ ਹੈ ਜਿਸ ਖ਼ਿਲਾਫ਼ ਔਰਤਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਲੋਕਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਨੇੜਲੇ ਪਿੰਡਾਂ ਦੇ ਲੋਕਾਂ ਦੀ ਹਾਲਤ ਬਹੁਤ ਖਰਾਬ ਹੈ ਕਿਉਂਕਿ ਫੈਕਟਰੀ ਵੱਲੋਂ ਛੱਡੇ ਜਾ ਰਹੇ ਜ਼ਹਿਰੀਲੇ ਪਾਣੀ ਕਾਰਨ ਇਥੋਂ ਦੇ ਲੋਕ ਬਿਮਾਰ ਹੋ ਰਹੇ ਹਨ ਤੇ ਕੈਂਸਰ ਜਿਹੀਆਂ ਬਿਮਾਰੀਆਂ ਕਾਰਨ ਮਰ ਰਹੇ ਹਨ। ਔਜਲਾ ਨੇ ਕਿਹਾ, ‘ਫਿਰੋਜ਼ਪੁਰ ‘ਚ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਮਰ ਰਹੇ ਹਨ। ਲੁਧਿਆਣਾ, ਅੰਮ੍ਰਿਤਸਰ, ਗੜ੍ਹਸ਼ੰਕਰ, ਹਰ ਪਾਸੇ ਇਹੀ ਸਥਿਤੀ ਬਣੀ ਹੋਈ ਹੈ। ਇਸ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੀ ਲੋੜ ਹੈ। ਕਿਰਪਾ ਕਰਕੇ ਇਨ੍ਹਾਂ ਥਾਵਾਂ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਸੰਸਦੀ ਕਮੇਟੀ ਬਣਾਈ ਜਾਵੇ ਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਇਸ ‘ਚ ਸ਼ਾਮਲ ਕੀਤਾ ਜਾਵੇ।’ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਅਤੇ ਅਮਰ ਸਿੰਘ ਨੇ ਵੀ ਔਜਲਾ ਦੀ ਵਕਾਲਤ ਕਰਦਿਆਂ ਕੇਂਦਰ ਨੂੰ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ।