ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਕਤਲ ਕਾਂਡ ਗੰਭੀਰਤਾ ਨੂੰ ਮੁੱਖ ਰੱਖਦਿਆਂ ਸਿਟ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਵੱਲੋਂ ਐੱਸ.ਆਈ.ਟੀ. ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਇਸ ਮਾਮਲੇ ‘ਚ ਮੁਲਜ਼ਮ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾਮਜ਼ਦ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲੀਸ ਕਮਿਸ਼ਨਰ ਨੇ ਖ਼ੁਲਾਸਾ ਕੀਤਾ ਕਿ ਮੁਲਜ਼ਮ ਸੰਦੀਪ ਸਿੰਘ ਸੰਨੀ ਸੋਸ਼ਲ ਮੀਡੀਆ ਤੋਂ ਕਾਫੀ ਪ੍ਰਭਾਵਿਤ ਸੀ ਅਤੇ ਉਸ ਨੇ ਹੇਟ ਕ੍ਰਾਈਮ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਇਸ ਮਾਮਲੇ ‘ਚ ਇਕ ਮੁਲਜ਼ਮ ਸੰਦੀਪ ਸਿੰਘ ਸੰਨੀ ਹੀ ਸਾਹਮਣੇ ਆਇਆ ਹੈ ਜਿਸ ਨੂੰ ਗ੍ਰਿਫ਼ਤਾਰ ਕਰ ਕੇ ਹਥਿਆਰ ਬਰਾਮਦ ਕਰ ਲਿਆ ਹੈ। ਸਿਟ ਵੱਲੋਂ ਹੁਣ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਵਿਗਿਆਨਕ ਤਰੀਕੀਆਂ ਅਤੇ ਤੱਤਾਂ ਦਾ ਆਧਾਰ ‘ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਅਤੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅੱਜ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਸ਼ਿਵਪੁਰੀ ‘ਚ ਸਥਿਤ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।