ਕੌਮਾਂਤਰੀ ਪੱਧਰ ’ਤੇ ਪਛਾਣ ਬਣਾਉਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਕੌਮਾਂਤਰੀ ਪੱਧਰ ’ਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਤਲ ਕੀਤੇ ਗਏ ਗਾਇਕ ਦੇ ਜੱਦੀ ਪਿੰਡ ਮੂਸਾ ਪਹੁੰਚ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ’ਤੇ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਦਿੱਲੀ ਅਤੇ ਪੰਜਾਬ ਪੁਲੀਸ ਵੱਲੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਫਡ਼ਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਮੁਲਜ਼ਮਾਂ ਤੋਂ ਹੋਈ ਪੁੱਛ-ਪਡ਼ਤਾਲ ਅਤੇ ਬਰਾਮਦਗੀ ਤੋਂ ਇਹ ਕੇਸ ਕਮਜ਼ੋਰ ਜਾਪਦਾ ਹੈ ਜਿਸ ਲਈ ਮਾਪਿਆਂ ਨੂੰ ਇਨਸਾਫ਼ ਦਿਵਾਉਣ ਲਈ ਉਹ ਹਰ ਤਰ੍ਹਾਂ ਦਾ ਉਪਰਾਲਾ ਕਰਨਗੇ ਅਤੇ ਜੇਕਰ ਲੋਡ਼ ਪਈ ਤਾਂ ਇਸ ਮਾਮਲੇ ਨੂੰ ਲੈ ਕੇ ਪਰਿਵਾਰ ਦੀ ਸਲਾਹ ਨਾਲ ਸੰਘਰਸ਼ ਆਰੰਭਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਗਾਇਕ ਦੀ ਯਾਦ ’ਚ ਲਾਉਣ ਲਈ ਇਕ ਅੰਬ ਦਾ ਬੂਟਾ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਜਿੱਤਣ ਲਈ ਉਹ ਵਿਸ਼ੇਸ ਤੌਰ ’ਤੇ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੇ ਪਰਿਵਾਰ ਦੇ ਬੇਹੱਦ ਰਿਣੀ ਹਨ। ਇਸ ਤੋਂ ਪਹਿਲਾਂ ਬਠਿੰਡਾ ’ਚ ਮੀਡੀਆ ਦੇ ਰੂਬਰੂ ਹੁੰਦਿਆਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ, ਉਥੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਸਭਾ ’ਚ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਬੇਅਦਬੀ ਘਟਨਾਵਾਂ ਦੀ ਜਨਤਕ ਕੀਤੀ ਰਿਪੋਰਟ ਨੂੰ ਮੁੱਢੋਂ ਨਕਾਰਦਿਆਂ ਦੋਸ਼ ਲਾਇਆ ਕਿ ਕਥਿਤ ਬੇਅਦਬੀ ਕਰਵਾਉਣ ਵਾਲੇ ਬਾਦਲ ਪਰਿਵਾਰ ਤੇ ਉਸ ਸਮੇਂ ਦੀ ਸਰਕਾਰ ਦੇ ਨੁਮਾਇੰਦਿਆਂ ਦਾ ਸਿੱਧਾ ਹੱਥ ਹੈ ਅਤੇ ਆਉਂਦੇ ਦਿਨਾਂ ’ਚ ਬੇਅਦਬੀ ਮਾਮਲਿਆਂ ’ਚ ਇਨਸਾਫ਼ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਤੇਵਾਡ਼ਾ ਜੰਗਲਾਂ ’ਚ ਇੰਡਸਟਰੀ ਲਾਉਣਾ ਗਲਤ ਹੈ। ਉਨ੍ਹਾਂ ਦੀਪ ਸਿੱਧੂ, ਸਿੱਧੂ ਮੂਸੇਵਾਲਾ ਅਤੇ ਵਿੱਕੀ ਮਿੱਡੂਖੇਡ਼ਾ ਦੇ ਕਤਲ ਦੀ ਜਾਂਚ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇਡ਼ਾ ਸੁਖਬੀਰ ਬਾਦਲ ਦਾ ਅਤਿ ਨਜ਼ਦੀਕੀ ਰਿਹਾ ਹੈ ਜਿਸ ਕਰਕੇ ਸਿੱਧੂ ਮੂਸੇਵਾਲਾ ਕਤਲ ਦੀ ਜਾਂਚ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਲਿਖਣਾ ਜਾਂ ਖਾਲਿਸਤਾਨ ਦੀ ਗੱਲ ਕਰਨਾ ਜੁਰਮ ਨਹੀਂ ਹੈ, ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਕਿਸੇ ਨੂੰ ਭਡ਼ਕਾਉਣਾ ਗ਼ਲਤ ਹੈ, ਇਸ ਮਸਲੇ ’ਤੇ ਸੁਪਰੀਮ ਕੋਰਟ ਵੱਲੋਂ ਵੀ ਸਥਿਤੀ ਸਪੱਸ਼ਟ ਕੀਤੀ ਜਾ ਚੁੱਕੀ ਹੈ।