ਇਕ ਭਾਜਪਾ ਆਗੂ ਵੱਲੋਂ ਪਾਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਹ ਪਟੀਸ਼ਨ ਮਾਨਸਾ ਜ਼ਿਲ੍ਹੇ ਤੋਂ ਭਾਜਪਾ ਦੇ ਆਗੂ ਜਗਜੀਤ ਸਿੰਘ ਮਿਲਖ਼ਾ ਵਲੋਂ ਪਾਈ ਗਈ ਸੀ। ਭਾਜਪਾ ਨੇਤਾ ਦਾ ਕਹਿਣਾ ਸੀ ਕਿ ਇਸ ਕਤਲ ਕਾਂਡ ਕਡ਼ੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਤੇ ਜੁਡ਼ੀਆਂ ਹੋਈਆਂ ਹਨ, ਜਿਸ ਕਰਕੇ ਪੰਜਾਬ ਪੁਲੀਸ ਤੋਂ ਇਸ ਕੇਸ ਦੀ ਜਾਂਚ ਸਹੀ ਰੂਪ ’ਚ ਹੋ ਨਹੀਂ ਸਕਦੀ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਨੇ ਚੰਡੀਗਡ਼੍ਹ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪੇਸ ਹੋਕੇ ਕਤਲ ਕਾਂਡ ਦੀ ਇਹ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਵੱਖਰੇ ਤੌਰ ’ਤੇ ਮੰਗ ਕੀਤੀ ਗਈ ਸੀ। ਹੁਣ ਸੁਪਰੀਮ ਕੋਰਟ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਨਾਲ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਹ ਟਿੱਪਣੀ ਵੀ ਕੀਤੀ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇਸ ਮੁੱਦੇ ਨੂੰ ਸਿਆਸੀ ਨਾ ਬਣਾਓ।