ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਜਦੋਂਕਿ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖਾਹ ਲਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇਕ ਮੈਂਬਰ ਨੂੰ ਉਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖਾਹ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖਤ ਸਾਹਿਤ ਵਿਖੇ ਹੋਈ ਇਕੱਤਰਤਾ ‘ਚ ਇਹ ਫ਼ੈਸਲਾ ਲਿਆ ਗਿਆ। ਇਕੱਤਰਤਾ ‘ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਅਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਅਤੇ ਭਾਈ ਮੰਗਲ ਸਿੰਘ ਸ਼ਾਮਲ ਸਨ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੇ ਮਾਮਲੇ ਨੂੰ ਵਿਚਾਰਨ ਮਗਰੋਂ ਅਗਲੇਰੀ ਕਾਰਵਾਈ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਕੀਤੀ ਗਈ। ਇਸ ਸਬੰਧੀ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਸਾਰੇ ਮੈਂਬਰ ਤਲਬ ਕੀਤੇ ਗਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤੇ ਦੋ ਸਾਬਕਾ ਜਥੇਦਾਰਾਂ ਦੀਆਂ ਸੇਵਾਵਾਂ ਬਹਾਲ ਕਰਨ ਦੇ ਦੋਸ਼ ਹੇਠ ਧਾਰਮਿਕ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਦਿਨ ਰੋਜ਼ਾਨਾ ਇਕ-ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ, ਜੂਠੇ ਬਰਤਨ ਮਾਂਜਣ ਅਤੇ ਝਾੜੂ ਮਾਰਨ ਦੀ ਸੇਵਾ ਲਾਈ ਗਈ ਹੈ। ਬਾਅਦ ‘ਚ ਹਰ ਇਕ ਨੂੰ 501 ਰੁਪਏ ਦੀ ਕੜਾਹ-ਪ੍ਰਸ਼ਾਦ ਦੀ ਦੇਗ ਕਰਵਾ ਕੇ ਖਿਮਾ ਯਾਚਨਾ ਦੀ ਅਰਦਾਸ ਦੇ ਆਦੇਸ਼ ਦਿੱਤੇ ਗਏ ਹਨ। ਇਕ ਹੋਰ ਮੈਂਬਰ ਹਰਬੰਸ ਸਿੰਘ ਨੂੰ ਉਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖਾਹ ਨੂੰ ਹੀ ਪੂਰਾ ਕਰਨ ਦੇ ਆਦੇਸ਼ ਦਿੱਤੇ ਹਨ। ਗਿਆਨੀ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੈਂਪਸ ਖਾਲੀ ਕਰਨ ਦੇ ਦਿੱਤੇ ਗਏ ਆਦੇਸ਼ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਬੰਧਕੀ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਉਨ੍ਹਾਂ ਨੇ ਇਸ ਫੈਸਲੇ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਸੀ। ਇਨ੍ਹਾਂ ਤੋਂ ਇਲਾਵਾ ਤਖ਼ਤ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਕੋਲੋਂ ਪੰਜ ਬਾਣੀਆਂ ਦਾ ਪਾਠ ਜ਼ੁਬਾਨੀ ਸੁਣਨ ਵਾਸਤੇ ਉਥੋਂ ਦੇ ਪੰਜ ਪਿਆਰਿਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਪ੍ਰਬੰਧਕੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਜੇਕਰ ਭਾਈ ਬਲਦੇਵ ਸਿੰਘ ਤਖਤ ਦਾ ਪ੍ਰਬੰਧ ਮਰਿਆਦਾ ਅਨੁਸਾਰ ਚਲਾਉਣ ਦੇ ਯੋਗ ਨਹੀਂ ਤਾਂ ਉਨ੍ਹਾਂ ਨੂੰ ਬਦਲ ਦਿੱਤਾ ਜਾਵੇ। ਉਨ੍ਹਾਂ ਜਥੇਦਾਰ ਭਾਈ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਖ਼ਤਮ ਕਰਨ ਅਤੇ ਉਨ੍ਹਾਂ ਖ਼ਿਲਾਫ਼ ਆਈ ਸ਼ਿਕਾਇਤ ਸਬੰਧੀ ਪੜਤਾਲੀਆ ਕਮੇਟੀ ਨੂੰ ਆਪਣੀ ਜਾਂਚ ਜਾਰੀ ਰੱਖਣ ਤੇ ਇਸ ਦੀ ਜਾਂਚ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਭੇਜਣ ਦੇ ਆਦੇਸ਼ ਦਿੱਤੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਧੇਰੇ ਮੁਲਾਜ਼ਮ ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕਰਦੇ ਹਨ। ਉਨ੍ਹਾਂ ਪ੍ਰਬੰਧਕੀ ਕਮੇਟੀ ਨੂੰ ਮੁਲਾਜ਼ਮਾਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਤੇ ਦੋਸ਼ੀ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਸਬੰਧੀ ਆਦੇਸ਼ ਦਿੱਤੇ।