ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਹੋਰ ਮਾਮਲੇ ‘ਚ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਹੋਰ ਸਿਆਸੀ ਸ਼ਖ਼ਸੀਅਤਾਂ ਖ਼ਿਲਾਫ਼ ਦਰਜ ਮਾਮਲਿਆਂ ‘ਚ ਜਾਂਚ ਅਤੇ ਟ੍ਰਾਇਲ ਪੂਰਾ ਹੋਣ ‘ਚ ਹੋ ਰਹੀ ਦੇਰੀ ‘ਤੇ ਹਾਈ ਕੋਰਟ ਵਲੋਂ ਤਲਬ ਕੀਤੇ ਜਾਣ ‘ਤੇ ਪੰਜਾਬ ਅਤੇ ਹਰਿਆਣਾ ਦੋਵਾਂ ਸੂਬਿਆਂ ਦੇ ਡੀ.ਜੀ.ਪੀ. ਹਾਈ ਕੋਰਟ ‘ਚ ਪੇਸ਼ ਹੋਏ। ਸੁਣਵਾਈ ਦੌਰਾਨ ਕੋਰਟ ਨੇ ਸਖਤ ਰੁਖ਼ ਅਪਣਾਉਂਦਿਆਂ ਦੋਵਾਂ ਡੀ.ਜੀ.ਪੀਜ਼ ਨੂੰ ਹੁਕਮ ਦਿੱਤਾ ਕਿ ਉਹ ਆਪਣੇ-ਆਪਣੇ ਸੂਬੇ ‘ਚ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਚੱਲ ਰਹੇ ਕੇਸਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ। ਜਿਨ੍ਹਾਂ ਕੇਸਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ, ਉਨ੍ਹਾਂ ਦੀ ਜਾਂਚ ਛੇਤੀ ਪੂਰੀ ਕੀਤੀ ਜਾਵੇ। ਸੁਣਵਾਈ ਦੌਰਾਨ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਕੋਰਟ ‘ਚ ਹਲਫ਼ਨਾਮਾ ਦਰਜ ਕਰ ਕੇ ਕਿਹਾ ਗਿਆ ਕਿ ਪੰਜਾਬ ਪੁਲਸ ਇਸ ਮਾਮਲੇ ‘ਚ ਗੰਭੀਰ ਹੈ। ਜਿੱਥੇ ਚਾਰ ਜਨਵਰੀ ਨੂੰ 17 ਮਾਮਲਿਆਂ ਦੀ ਜਾਂਚ ਜਾਰੀ ਸੀ, ਉਹ ਹੁਣ ਸਿਰਫ਼ 6 ਰਹਿ ਗਈ ਹੈ। ਡੀ.ਜੀ.ਪੀ. ਵਲੋਂ ਕੋਰਟ ਨੂੰ ਦੱਸਿਆ ਗਿਆ ਕਿ ਜਿਨ੍ਹਾਂ 6 ਅਪਰਾਧਿਕ ਮਾਮਲਿਆਂ ਦੀ ਜਾਂਚ ਜਾਰੀ ਹੈ, ਉਨ੍ਹਾਂ ‘ਚ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ, ਵਿਧਾਇਕ ਦਲਬੀਰ ਸਿੰਘ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਸ਼ਾਮ ਸੁੰਦਰ ਅਰੋੜਾ ਅਤੇ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਪੁਲੀਸ ਜਾਂਚ ਜਾਰੀ ਹੈ। ਕੋਰਟ ਨੂੰ ਦੱਸਿਆ ਗਿਆ ਕਿ 14 ਫਰਵਰੀ ਤੱਕ 112 ਮਾਮਲਿਆਂ ‘ਚ ਟ੍ਰਾਇਲ ਜਾਰੀ ਹਨ।