ਕੈਨੇਡਾ ਤੇ ਅਮਰੀਕਾ ਜਾਣ ਦੀ ਤਿਆਰੀ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੇ ਇਹ ਵੱਡਾ ਕਦਮ ਚੰਨੀ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਕੀਤਾ ਹੈ। ਦੂਜੇ ਪਾਸੇ ਚੰਨੀ ਨੇ ਕਿਹਾ ਕਿ ਵਿਜੀਲੈਂਸ ਦੀ ਕਾਰਵਾਈ ਦੀ ਕਨਸੋਅ ਮਿਲਣ ਕਰਕੇ ਖੁਦ ਹੀ ਆਪਣੀ ਟਿਕਟ ਕੈਂਸਲ ਕਰਕੇ ਵਿਦੇਸ਼ ਦੌਰੇ ‘ਤੇ ਜਾਣ ਦਾ ਪ੍ਰੋਗਰਾਮ ਰੱਦ ਕੀਤਾ ਹੈ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕੁਝ ਮਾਮਲਿਆਂ ‘ਚ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਸ ਲੁੱਕਆਊਟ ਨੋਟਿਸ ਦਾ ਆਧਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਲੁੱਕਆਊਟ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤੋਂ ਬਾਅਦ ਲੰਘੀ 7 ਮਾਰਚ ਨੂੰ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ। ਲੁੱਕਆਊਟ ਨੋਟਿਸ ਦੇ ਜ਼ਰੀਏ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਲੰਬਿਤ ਜਾਇਦਾਦ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੀ ਜਾਂਚ ਅਤੇ ਹੋਰ ਮਾਮਲਿਆਂ ਦਾ ਵੇਰਵਾ ਦਿੰਦੇ ਹੋਏ ਦੇਸ਼ ਦੇ ਸਾਰੇ ਏਅਰ ਪੋਰਟਸ ਦੀਆਂ ਸੁਰੱਖਿਆ ਟੀਮਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਬੰਧਿਤ ਵਿਅਕਤੀ ਨੂੰ ਕਿਸੇ ਵੀ ਦੇਸ਼ ਤੋਂ ਬਾਹਰ ਜਾਣ ਵਾਲੀ ਫਲਾਈਟ ਦੀ ਇਜਾਜ਼ਤ ਨਾ ਦਿੱਤੀ ਜਾਵੇ। ਸੂਚਨਾ ਲਈ ਸਾਬਕਾ ਮੁੱਖ ਮੰਤਰੀ ਦੇ ਪਾਸਪੋਰਟ ਡਿਟੇਲਜ਼ ਵੀ ਉਪਲੱਬਧ ਕਰਵਾਏ ਗਏ ਹਨ। ਧਿਆਨ ਰਹੇ ਕਿ ਸੂਬੇ ‘ਚ ਸੱਤਾ ਤਬਦੀਲੀ ਤੋਂ ਬਾਅਦ ਤਕਰੀਬਨ 7-8 ਮਹੀਨੇ ਸਾਬਕਾ ਮੁੱਖ ਮੰਤਰੀ ਚੰਨੀ ਵਿਦੇਸ਼ ‘ਚ ਹੀ ਰਹੇ ਸਨ ਅਤੇ ਉਥੋਂ ਪਰਤਣ ਤੋਂ ਤੁਰੰਤ ਬਾਅਦ ਵਿਜੀਲੈਂਸ ਨੇ ਆਪਣੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਓਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਡਰਨ ਵਾਲਿਆਂ ਵਿੱਚੋਂ ਨਹੀਂ ਹਨ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ। ਚੰਨੀ ਨੇ ਸਾਫ ਕਰ ਦਿੱਤਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਉਹ ਕੈਲੀਫੋਰਨੀਆ ਜਾ ਰਹੇ ਸੀ, ਉਥੇ ਉਨ੍ਹਾਂ ਨੇ ਨਗਰ ਕੀਰਤਨ ‘ਚ ਸ਼ਾਮਲ ਹੋਣਾ ਸੀ ਪ੍ਰੰਤੂ ਪਿਛਲੇ ਦਿਨੀਂ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦੇ ਸੁਣੇ ਗਏ ਕਿ ਹੁਣ ਚੰਨੀ ਨੂੰ ਫੜ ਕੇ ਅੰਦਰ ਦੇਣਾ ਹੈ। ਇਹ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੇ ਵਿਦੇਸ਼ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ। ਹਾਲਾਂਕਿ ਉਸ ਨੇ ਵਿਦੇਸ਼ ਜਾਣ ਲਈ ਟਿਕਟ ਵੀ ਬੁੱਕ ਕਰਵਾ ਲਈ ਸੀ ਪ੍ਰੰਤੂ ਹੁਣ ਟਿਕਟ ਰੱਦ ਕਰਵਾਈ ਗਈ ਹੈ ਤਾਂ ਜੋ ਪੰਜਾਬ ਸਰਕਾਰ ਇਹ ਨਾ ਕਹੇ ਉਹ ਕਾਰਵਾਈ ਤੋਂ ਬਚਣ ਲਈ ਦੁਬਾਰਾ ਵਿਦੇਸ਼ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤੇ ਨਿਰਪੱਖ ਜਾਂਚ ਹੋਵੇ।