ਕਾਂਗਰਸ ਸਰਕਾਰ ‘ਚ ਮੰਤਰੀ ਬਲਬੀਰ ਸਿੱਧੂ ਦੇ ਭਰਾ ਅਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਭਾਜਪਾ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਜਾਰੀ ਕੀਤੇ। ਜੀਤੀ ਸਿੱਧੂ ਖ਼ਿਲਾਫ਼ ਇਹ ਕਾਰਵਾਈ ਵਿਰੋਧੀ ਧਿਰ ਦੇ ਕੌਂਸਲਰਾਂ ਅਤੇ ‘ਆਪ’ ਵਾਲੰਟੀਅਰਾਂ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਜੀਤੀ ਸਿੱਧੂ ਇਸ ਵੇਲੇ ਵਿਦੇਸ਼ ਦੌਰੇ ‘ਤੇ ਹਨ। ਹਾਲਾਂਕਿ ਉਹ ਪਿਛਲੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਕੋਲ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਪਰ ਉਨ੍ਹਾਂ ਦੀ ਗੈਰਮੌਜੂਦਗੀ ‘ਚ ਸਰਕਾਰ ਨੇ ਆਪਣਾ ਫ਼ੈਸਲਾ ਸੁਣਾ ਕੇ ਮੁਹਾਲੀ ਦੀ ਸਿਆਸਤ ਭਖਾ ਦਿੱਤੀ ਹੈ। ਯਾਦ ਰਹੇ ਕਿ ਪੰਜਾਬ ‘ਚ ਸੱਤਾ ਤਬਦੀਲੀ ਤੋਂ ਬਾਅਦ ਜੀਤੀ ਸਿੱਧੂ ਆਪਣੇ ਵੱਡੇ ਭਰਾ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ‘ਚ ਸ਼ਾਮਲ ਹੋ ਗਿਆ ਸੀ। ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਮੇਅਰ ਜੀਤੀ ਸਿੱਧੂ ਨੇ ਮਿਉਂਸਿਪਲ ਐਕਟ 1976 ਦੀ ਧਾਰਾ 63 ਅਤੇ 36 ਦੀ ਉਲੰਘਣਾ ਕੀਤੀ ਹੈ ਜਿਸ ਕਾਰਨ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਖ਼ਾਰਜ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ। ਜਾਣਕਾਰੀ ਅਨੁਸਾਰ ਵਿਰੋਧੀ ਧਿਰ ਦੇ ਕੌਂਸਲਰਾਂ ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਅਰੁਣਾ ਵਸ਼ਿਸ਼ਟ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ ਅਤੇ ਸਾਬਕਾ ਕੌਂਸਲਰ ਤੇ ‘ਆਪ’ ਵਾਲੰਟੀਅਰ ਆਰ.ਪੀ. ਸ਼ਰਮਾ ਤੇ ਫੂਲਰਾਜ ਸਿੰਘ ਨੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸ਼ਿਕਾਇਤ ਦੇ ਕੇ ਕਿਹਾ ਸੀ ਕਿ ਮੇਅਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ ਨਾਮ ਦੀ ਇਕ ਲੇਬਰ ਕੰਟਰੈਕਟਰ ਸੁਸਾਇਟੀ ਨੂੰ ਵਿਕਾਸ ਕਾਰਜਾਂ ਸਬੰਧੀ ਕਰੋੜਾਂ ਰੁਪਏ ਦੇ ਟੈਂਡਰ ਅਲਾਟ ਕੀਤੇ ਹਨ। ਇਸ ਮਾਮਲੇ ‘ਚ ਸਰਕਾਰ ਨੇ ਮੇਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।