ਪਿਛਲੇ ਸਾਲ ਮੋਦੀ ਹਕੂਮਤ ਵੱਲੋਂ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ ਇਸ ਸੰਯੁਕਤ ਕਿਸਾਨ ਮੋਰਚੇ ਨੇ ਵਾਅਦੇ ਵਾਲੇ ਦਿਨ 19 ਨਵੰਬਰ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਲੜਾਨ ਵਾਲੀਆਂ ਬਲਬੀਰ ਸਿੰਘ ਰਾਜੇਵਾਲ ਨਾਲ ਸਬੰਧਤ ਪੰਜ ਕਿਸਾਨ ਧਿਰਾਂ ਨੇ ਵੀ ਚੰਡੀਗੜ੍ਹ ‘ਚ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ‘ਚ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਦੀਆਂ ਹੱਦਾਂ ‘ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇਕ ਸਾਲ ਹੋਣ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਮੋਰਚੇ ਨਾਲ ਕੀਤੇ ਗਏ ਸਮਝੌਤੇ ਵਾਲੇ ਜ਼ਿਆਦਾਤਰ ਵਾਅਦੇ ਅਜੇ ਵੀ ਪੂਰੇ ਨਹੀਂ ਹੋਏ ਹਨ। ਇਸ ਤੱਥ ਨੂੰ ਧਿਆਨ ‘ਚ ਰੱਖਦਿਆਂ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਅੱਗੇ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ। ਪਿਛਲੇ ਸਾਲ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਹੈ ਕਿ ਇਹ ਦਿਨ ‘ਫਤਿਹ ਦਿਵਸ’ ਵਜੋਂ ਮਨਾਇਆ ਜਾਏਗਾ। ਉਨ੍ਹਾਂ ਕਿਹਾ ਕਿ 26 ਨਵੰਬਰ 2020 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲੱਖਾਂ ਕਿਸਾਨ ਦਿੱਲੀ ਵੱਲ ਰਵਾਨਾ ਹੋਏ ਸੀ। ਸੰਯੁਕਤ ਮੋਰਚੇ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੀ 26 ਨਵੰਬਰ ਨੂੰ ਹਰ ਸੂਬੇ ਦੇ ਰਾਜ ਭਵਨ ਵੱਲ ਮਾਰਚ ਕਰਕੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਨ੍ਹਾਂ ਮੰਗ ਪੱਤਰਾਂ ‘ਚ ਸੰਯੁਕਤ ਕਿਸਾਨ ਮੋਰਚੇ ਦੀਆਂ ਕੇਂਦਰੀ ਮੰਗਾਂ ਦੇ ਨਾਲ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ 11 ਦਸੰਬਰ 2021 ਨੂੰ ਜਿੱਤ ਤੋਂ ਬਾਅਦ ਕਿਸਾਨ ਫ਼ਤਹਿ ਮਾਰਚ ਕਰਦਿਆਂ ਪਿੰਡਾਂ ਨੂੰ ਪਰਤ ਗਏ ਸੀ। ਆਉਣ ਵਾਲੇ 11 ਦਸੰਬਰ ਨੂੰ ਮੋਰਚੇ ਦੀ ਜਿੱਤ ਵਾਲਾ ਦਿਨ ਮਨਾਇਆ ਜਾਏਗਾ ਅਤੇ 1 ਤੋਂ 11 ਦਸੰਬਰ ਤੱਕ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 8 ਦਸੰਬਰ ਨੂੰ ਹੋਵੇਗੀ ਜਿਸ ‘ਚ ਅੰਦੋਲਨ ਦੇ ਅਗਲੇ ਪੜਾਅ ਦਾ ਫ਼ੈਸਲਾ ਅਤੇ ਐਲਾਨ ਕੀਤਾ ਜਾਵੇਗਾ।
ਇਸੇ ਤਰ੍ਹਾਂ ਪੰਜ ਕਿਸਾਨ ਧਿਰਾਂ ਨੇ ਪਾਣੀਆਂ ਦੇ ਮਾਮਲੇ ‘ਤੇ 30 ਦਸੰਬਰ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪੰਜ ਕਿਸਾਨ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ‘ਚ ਸੂਬੇ ‘ਚ ਪਾਣੀ ਦੇ ਗੰਭੀਰ ਸੰਕਟ, ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਸੂਬੇ ਦੇ ਸੰਘੀ ਢਾਂਚੇ ‘ਤੇ ਹਮਲਿਆਂ ਖ਼ਿਲਾਫ਼ ਮੋਰਚਾ ਲਾਉਣ ਲਈ ਕਿਸਾਨਾਂ ਦੀ ਤਿਆਰੀ ਅਤੇ ਲਾਮਬੰਦੀ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਨੂੰ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਤੋਂ ਪਹਿਲਾਂ ਇਕ ਲੱਖ ਪੋਸਟਰ ਪ੍ਰਕਾਸ਼ਿਤ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਚੇਤੰਨ ਕਰਨ ਵਾਸਤੇ 2 ਤੋਂ 15 ਦਸੰਬਰ ਤੱਕ ਸਾਰੇ ਜ਼ਿਲ੍ਹਿਆਂ ‘ਚ ਸਾਂਝਾ ਫਲੈਗ ਮਾਰਚ ਕੱਢਿਆ ਜਾਵੇਗਾ। ਇਸੇ ਤਰ੍ਹਾਂ ਮਾਲਵਾ, ਦੁਆਬਾ ਅਤੇ ਮਾਝਾ ਜ਼ੋਨ ਵਿਚ ਸ਼ਹਿਰੀਆਂ, ਬੁੱਧੀਜੀਵੀਆਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਸ਼ਾਮਲ ਕਰਵਾ ਕੇ ਸੈਮੀਨਾਰ ਕਰਾਏ ਜਾਣਗੇ। ਇਸ ਲੜੀ ਤਹਿਤ 24 ਨਵੰਬਰ ਨੂੰ ਚੰਡੀਗੜ੍ਹ, 28 ਨਵੰਬਰ ਨੂੰ ਜਲੰਧਰ ਅਤੇ 30 ਨਵੰਬਰ ਨੂੰ ਬਠਿੰਡਾ ਵਿਚ ਸੈਮੀਨਾਰ ਕਰਾਏ ਜਾਣਗੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਇਹ ਕਿਸਾਨ ਭਵਨ ‘ਚ ਹੋਈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੇ ਪ੍ਰੋਗਰਾਮ ਦਾ ਐਲਾਨ, ਪੰਜ ਕਿਸਾਨ ਧਿਰਾਂ ਵੱਲੋਂ ਵੀ ਪੱਕੇ ਮੋਰਚੇ ਦਾ ਐਲਾਨ
Related Posts
Add A Comment