ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਭਰ ‘ਚ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਭੇਜ ਕੇ ਕੇਂਦਰ ਸਰਕਾਰ ਦੀ ਧਿਆਨ ਕਿਸਾਨਾਂ ਨਾਲ ਕੀਤੀ ਗਈ ਵਾਅਦਾਖ਼ਿਲਾਫ਼ੀ ਵੱਲ ਦਿਵਾਇਆ। ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਰਾਜਾਂ ਦੇ ਰਾਜ ਭਵਨਾਂ ਬਾਹਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਿਸਾਨੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਦੇਸ਼ ਦੇ ਕਰੀਬ 25 ਰਾਜਾਂ ‘ਚ ਕਿਸਾਨਾਂ ਨੇ ਆਪਣੀਆਂ ਅੰਦੋਲਨ ਦੀਆਂ ਰਹਿੰਦੀਆਂ ਤੇ ਹੋਰ ਮੰਗਾਂ ਲਈ ਆਵਾਜ਼ ਉਠਾਈ। ਮੋਰਚੇ ਨੇ ਮੰਗ ਕੀਤੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਸੀ 2+50 ਫੀਸਦ ਦੇ ਫਾਰਮੂਲੇ ਤਹਿਤ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮ.ਐੱਸ.ਪੀ. ਬਾਰੇ ਬਣਾਈ ਗਈ ਕਮੇਟੀ ਅਤੇ ਇਸ ਦਾ ਐਲਾਨਿਆ ਏਜੰਡਾ ਕਿਸਾਨਾਂ ਵੱਲੋਂ ਪੇਸ਼ ਕੀਤੀਆਂ ਮੰਗਾਂ ਦੇ ਅਨੁਸਾਰ ਨਹੀਂ ਹੈ। ਇਸ ਕਮੇਟੀ ਨੂੰ ਰੱਦ ਕਰਕੇ ਕੇਂਦਰ ਸਰਕਾਰ ਆਪਣੇ ਵਾਅਦੇ ਅਨੁਸਾਰ ਸਾਰੀਆਂ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਵਾਲਾ ਕਨੂੰਨ ਬਣਾਉਣ ਲਈ ਮੋਰਚੇ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਕੇ ਕਿਸਾਨਾਂ ਦੀ ਸਹੀ ਨੁਮਾਇੰਦਗੀ ਦੇ ਨਾਲ-ਨਾਲ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲਈ ਨਵੀਂ ਕਮੇਟੀ ਦਾ ਪੁਨਰ ਗਠਨ ਕੀਤਾ ਜਾਵੇ। ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਨੇ ਵੀ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ‘ਤੇ ਕੇਂਦਰ ਸਰਕਾਰ ਵਿਰੁੱਧ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਹਾਲੀ ‘ਚ ਇਕੱਠੇ ਹੋ ਕੇ ਰੋਸ ਰੈਲੀ ਕੀਤੀ। ਕਿਸਾਨ ਆਗੂਆਂ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ‘ਚ ਐੱਮ.ਐੱਸ.ਪੀ. ‘ਤੇ ਕਾਨੂੰਨੀ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਕਾਂਡ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਝੂਠਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਚਾਰ ਕਿਸਾਨ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਅੰਦੋਲਨ ਦੌਰਾਨ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ‘ਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਭਰ ‘ਚੋਂ ਕਿਸਾਨ ਤੇ ਕਿਸਾਨ ਬੀਬੀਆਂ ਵੱਡੇ ਕਾਫ਼ਲਿਆਂ ‘ਚ ਪੁੱਡਾ ਗਰਾਊਂਡ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਸਾਢੇ 12 ਵਜੇ ਤੱਕ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਵੱਡੀ ਰੈਲੀ ਕਰਕੇ ਕਿਸਾਨਾਂ ਦੀਆਂ ਮੰਗਾਂ ‘ਤੇ ਚਰਚਾ ਕਰਦਿਆਂ ਬੁਲਾਰਿਆਂ ਨੇ ਪ੍ਰਧਾਨ ਮੰਤਰੀ ‘ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਕੱਠ ਨੂੰ ਡਾ. ਦਰਸ਼ਨ ਪਾਲ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਫੁਰਮਾਨ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਰਾਜਵਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਦਿੱਲੀ ‘ਚ ਹੋਣ ਵਾਲੀ ਮੀਟਿੰਗ ‘ਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।