ਪਿਛਲੇ ਪੰਜ ਦਿਨਾਂ ਅੰਦਰ ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਤੀਜਾ ਧਮਾਕਾ ਹੋਇਆ ਜਿਸ ਨਾਲ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਪਹਿਲੇ ਦੋ ਧਮਾਕੇ ਹੈਰੀਟੇਜ ਸਟਰੀਟ ਨੇੜੇ ਹੋਏ ਸਨ ਜਦਕਿ ਅੱਜ ਵਾਲੀ ਜਗ੍ਹਾ ਉਸ ਤੋਂ ਕਾਫ਼ੀ ਦੂਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 12:15-12:30 ਵਜੇ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਧਮਾਕਾ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ‘ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਅਤੇ ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਨੇੜੇ ਦੋ ਧਮਾਕੇ ਹੋਏ ਸਨ। ਇਕ ਧਮਾਕਾ ਸ਼ਨੀਵਾਰ ਰਾਤ 12 ਵਜੇ ਹੋਇਆ ਸੀ ਅਤੇ ਦੂਜਾ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਹੋਇਆ। ਧਮਾਕੇ ਕਾਰਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ ਪਰ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਸੀ ਹੋਇਆ। ਘਟਨਾ ਤੋਂ ਬਾਅਦ ਪੰਜਾਬ ਪੁਲੀਸ ਦੇ ਨਾਲ ਨਾਲ ਐੱਨ.ਆਈ.ਏ. ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਸੀ। ਅੱਜ ਵਾਲੀ ਘਟਨਾ ਤੋਂ ਬਾਅਦ ਪੁਲੀਸ ਤੁਰੰਤ ਹਰਕਤ ‘ਚ ਆ ਗਈ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਮੁਤਾਬਕ ਕੁਝ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ ‘ਉੱਚੀ ਆਵਾਜ਼’ ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲੀਸ ਨੇ ਦਰਬਾਰ ਸਾਹਿਬ ਕੰਪਲੈਕਸ ਨੇੜੇ ਧਮਾਕਿਆਂ ਸਬੰਧੀ ਫੜੇ ਵਿਅਕਤੀਆਂ ਦੀ ਪਛਾਣ ਕਰ ਲਈ ਹੈ। ਇਨ੍ਹਾਂ ਮੁਲਜ਼ਮਾਂ ‘ਚ ਬਾਬਾ ਬਕਾਲਾ ਦੇ ਪਿੰਡ ਵਡਾਲਾ ਕਲਾਂ ਦੇ ਆਜ਼ਾਦ ਵੀਰ ਸਿੰਘ, ਗੁਰਦਾਸਪੁਰ ਦੇ ਪਿੰਡ ਦੁਬੜੀ ਦਾ ਅਮਰੀਕ ਸਿੰਘ, 88 ਫੁੱਟ ਰੋਡ ਦੇ ਧਰਮਿੰਦਰ ਸਿੰਘ ਅਤੇ ਹਰਜੀਤ ਸਿੰਘ ਅਤੇ ਗੇਟ ਹਕੀਮਾ ਖੇਤਰ ਦੇ ਰਹਿਣ ਵਾਲੇ ਸਾਹਿਬ ਸਿੰਘ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਜ਼ਾਦ ਵੀਰ ਅਤੇ ਅਮਰੀਕ ਸਿੰਘ ਨੇ ਧਮਾਕਾਖੇਜ਼ ਸਮੱਗਰੀ ਇਕੱਠੀ ਕੀਤੀ ਸੀ ਜਦਕਿ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਅਤੇ ਮੁਹੱਈਆ ਕਰਵਾਉਣ ‘ਚ ਧਰਮਿੰਦਰ ਸਿੰਘ, ਹਰਜੀਤ ਸਿੰਘ ਅਤੇ ਸਾਹਿਬ ਸਿੰਘ ਸ਼ਾਮਲ ਹਨ।