ਇੰਡੀਆ ਦੇ ਸਰਕਾਰੀ ਵਿਭਾਗਾਂ ‘ਚ ਲਾਪ੍ਰਵਾਹੀ ਕੋਈ ਨਵੀਂ ਗੱਲ ਨਹੀਂ ਪਰ ਪੰਜਾਬ ‘ਚ ਇਕ ‘ਸਿਰੇ ਦੀ ਲਾਪ੍ਰਵਾਹੀ’ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਜਿਸ ‘ਚ ਸਿਵਲ ਹਸਪਤਾਲ ਨੇ ਇਕ ਲਾਸ਼ ਨੂੰ ਵਾਰਸਾਂ ਹਵਾਲੇ ਕਰਨ ਦੀ ਥਾਂ ਲਾਵਾਰਸ ਮੰਨ ਕੇ ‘ਭੁਲੇਖੇ’ ਨਾਲ ਰੇਲਵੇ ਪੁਲੀਸ ਨੂੰ ਸੌਂਪ ਦਿੱਤਾ। ਅੱਗੇ ਰੇਲਵੇ ਪੁਲੀਸ ਨੇ ਵੀ ਲਾਸ਼ ਲਾਵਾਰਸ ਮੰਨ ਕੇ ਇਸ ਦਾ ਅੰਤਿਮ ਸਸਕਾਰ ਕਰ ਦਿੱਤਾ। ਮਾਮਲਾ ਸਾਹਮਣੇ ਆਉਣ ‘ਤੇ ਸਾਰਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਮਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ‘ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਸਦਰ ਦੀ ਪੁਲੀਸ ਨੇ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਅਤੇ ਹੋਰਨਾਂ ਖ਼ਿਲਾਫ਼ ਲਾਸ਼ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਸੜਕ ਹਾਦਸੇ ਦੌਰਾਨ ਮਾਰੇ ਗਏ ਇਕ ਵਿਅਕਤੀ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪੁਲੀਸ ਨੇ ਲੰਘੀ ਰਾਤ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ‘ਚ ਪੋਸਟਮਾਰਟਮ ਲਈ ਰਖਵਾਈ ਸੀ। ਸਵੇਰੇ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਲਾਸ਼ ਉਥੇ ਨਹੀਂ ਸੀ। ਮ੍ਰਿਤਕ ਦੇ ਭਤੀਜੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਤਾਏ ਸੁਖਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਘਸੀਟਪੁਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਉਨ੍ਹਾਂ ਨੇ ਲਾਸ਼ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਪੋਸਟਮਾਰਟਮ ਲਈ ਖੁਦ ਰਖਵਾਈ ਸੀ। ਭੁਪਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 9 ਵਜੇ ਜਦੋਂ ਉਹ ਹਸਪਤਾਲ ਆਏ ਤਾਂ ਉਨ੍ਹਾਂ ਦੇ ਤਾਏ ਦੀ ਲਾਸ਼ ਉਥੇ ਨਹੀਂ ਸੀ। ਉਨ੍ਹਾਂ ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੂੰ ਸੂਚਿਤ ਕੀਤਾ ਪਰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਕਿਸੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਸਬੰਧੀ ਜਦੋਂ ਸਿਵਲ ਹਸਪਤਾਲ ਬਟਾਲਾ ਦੇ ਡਾ. ਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਟਾਫ ਕੋਲੋਂ ਗ਼ਲਤੀ ਨਾਲ ਮ੍ਰਿਤਕ ਸੁਖਵਿੰਦਰ ਸਿੰਘ ਦੀ ਲਾਸ਼ ਰੇਲਵੇ ਪੁਲੀਸ ਨੂੰ ਦੋ ਦਿਨ ਪਹਿਲਾਂ ਹੀ ਰੇਲਵੇ ਲਾਈਨ ਤੋਂ ਮਿਲੀ ਇਕ ਲਾਵਾਰਸ ਲਾਸ਼ ਦੇ ਭੁਲੇਖੇ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾਕਟਰਾਂ ਦੇ ਇਕ ਬੋਰਡ ਦਾ ਗਠਨ ਵੀ ਕੀਤਾ ਗਿਆ ਹੈ। ਥਾਣਾ ਸਦਰ ਬਟਾਲਾ ਦੇ ਮੁਖੀ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਵਾਸੀ ਪਿੰਡ ਘਸੀਟਪੁਰਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਆਈ.ਪੀ.ਸੀ. ਦੀ ਧਾਰਾ 304-ਏ ਤਹਿਤ ਕੇਸ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਕੇਸ ‘ਚ ਆਈ.ਪੀ.ਸੀ. ਦੀ ਧਾਰਾ 201 ਤਹਿਤ ਵਾਧਾ ਕਰਦਿਆਂ ਐੱਸ.ਐੱਮ.ਓ. ਬਟਾਲਾ ਅਤੇ ਹਸਪਤਾਲ ਪ੍ਰਸ਼ਾਸਨ ਨੂੰ ਨਾਮਜ਼ਦ ਕੀਤਾ ਗਿਆ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਮਾੜੀ ਘਟਨਾ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ‘ਤੇ ਇਸ ਮਾਮਲੇ ਸਬੰਧੀ ਤਿੰਨ ਵਿਭਾਗ ਸਿਹਤ ਵਿਭਾਗ, ਪੁਲੀਸ ਵਿਭਾਗ ਅਤੇ ਰੇਲਵੇ ਵਿਭਾਗ ਜ਼ਿੰਮੇਵਾਰ ਹਨ।