ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਵਾਲੇ ਤੇ ਚੰਡੀਗਡ਼੍ਹ ਦੀ ਜੂਹ ’ਤੇ ਵਸੇ ਸਿਸਵਾਂ ਪਿੰਡ ਦੀ 125 ਏਕਡ਼ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਬਜ਼ਿਆ ਤੋਂ ਮੁਕਤ ਕਰਵਾ ਕੇ ਕਬਜ਼ੇ ਹੇਠ ਲਿਆ ਗਿਆ ਹੈ। ਇਸ ਜ਼ਮੀਨ ਦੀ ਕੀਮਤ ਸੈਂਕਡ਼ੇ ਕਰੋਡ਼ ਰੁਪਏ ਦੀ ਬਣਦੀ ਹੈ ਜਿਸ ’ਤੇ 13 ਵਿਅਕਤੀਆਂ ਵੱਲੋਂ ਨਾਜਾਇਜ਼ ਤੌਰ ’ਤੇ ਕਬਜ਼ਾ ਕੀਤਾ ਗਿਆ ਸੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਿਸਵਾਂ ਡੈਮ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ’ਤੇ ਅਮਲ ਕਰਦਿਆ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਿਸਵਾਂ ਪਿੰਡ ਦੀ ਇਸ ਪੰਚਾਇਤੀ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮਾਲ ਵਿਭਾਗ ਦੇ ਰਿਕਾਰਡ ’ਚ ਇੰਦਰਾਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਇਸ ਜ਼ਮੀਨ ਨੂੰ 13 ਵਿਅਕਤੀਆਂ ਨੇ ਨਾਜਾਇਜ਼ ਕਬਜ਼ੇ ਹੇਠ ਲਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਕੀਮਤ ਅਨੁਮਾਨਿਤ 2 ਜਾਂ 2.5 ਕਰੋਡ਼ ਪ੍ਰਤੀ ਏਕਡ਼ ਬਣਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ’ਚ ਸਰਕਾਰ ਵੱਲੋਂ ਇਸ ਖੇਤਰ ’ਚ 8 ਹਜ਼ਾਰ ਏਕਡ਼ ਦੀ ਹੋਰ ਅਜਿਹੀ ਜ਼ਮੀਨ ਜਿਸ ਨੂੰ ਗੈਰਕਾਨੂੰਨੀ ਢੰਗ ਨਾਲ ਦੱਬਿਆ ਗਿਆ ਹੈ, ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਾਜਇਜ਼ ਕਬਜ਼ਿਆਂ ਤੋਂ ਮੁਕਤ ਮਾਲਕੀ ਹੇਠ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਜਸਟਿਸ ਕੁਲਦੀਪ ਸਿੰਘ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਹੈ ਅਤੇ ਉਸ ’ਚ ਜੋ ਦੱਸਿਆ ਗਿਆ ਹੈ, ਉਸ ਮੁਤਾਬਿਕ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 1 ਮਈ ਨੂੰ ਆਪਣੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਜੂਨ ਮਹੀਨੇ ਤੱਕ 5 ਹਜ਼ਾਰ ਏਕਡ਼ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਪਰ ਵਿਭਾਗ ਵੱਲੋਂ ਜੂਨ ਮਹੀਨੇ ਤੱਕ 6100 ਏਕਡ਼ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਅਤੇ ਹੁਣ ਸਿਸਵਾਂ ਵਿਖੇ 125 ਏਕਡ਼ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਾਲ ਹੁਣ ਤੱਕ 6225 ਏਕਡ਼ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਸਮੇਂ ਕਿਸੇ ਤਰ੍ਹਾਂ ਦਾ ਧੱਕਾ ਜਾਂ ਤਾਕਤ ਦੀ ਵਰਤੋਂ ਨਹੀਂ ਕੀਤਾ ਜਾ ਰਹੀ ਸਗੋਂ ਪੂਰੀ ਕਾਨੂੰਨੀ ਪ੍ਰਕਿਰਿਆ ਰਾਹੀਂ ਹੀ ਕਾਰਵਾਈ ਕੀਤੀ ਜਾ ਰਹੀ ਹੈ।