ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ੇਮਾਜਰਾ ਵੱਲੋਂ ਬਾਬਾ ਫਰੀਦ ਮੈਡੀਕਲ ਸਾਇੰਸ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਮਾਡ਼ੇ ਵਿਹਾਰ ’ਤੇ ਅਫਸੋਸ ਪ੍ਰਗਟ ਕਰਦਿਆਂ ਵੀ.ਸੀ. ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸਿਹਤ ਮੰਤਰੀ ਦੇ ਵਤੀਰੇ ਲਈ ਡਾ. ਰਾਜ ਬਹਾਦਰ ਤੋਂ ਮੁਆਫ਼ੀ ਮੰਗੀ ਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਮਾਨ ਨੇ ਉਪ ਕੁਲਪਤੀ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਸਬੰਧੀ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਵੱਲੋਂ ਦਿੱਤੇ ਅਸਤੀਫ਼ੇ ਦਾ ਖੁਲਾਸਾ ਹੋਣ ਮਗਰੋਂ ਸਰਕਾਰ ਵੱਲੋਂ ਸਥਿਤੀ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕੇ.ਡੀ. ਸਿੰਘ ਨੇ ਡਾ. ਰਾਜ ਬਹਾਦਰ ਦੀ ਹਮਾਇਤ ’ਚ ਅਹੁਦੇ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਡਾ. ਰਾਜ ਬਹਾਦਰ ਨੇ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਮਾਨ ਨੇ ਸਿਹਤ ਮੰਤਰੀ ਦੇ ਵਿਹਾਰ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਿਹਤ ਮੰਤਰੀ ਵੱਲੋਂ ਕੀਤੇ ਮਾਡ਼ੇ ਵਿਹਾਰ ਲਈ ਮੁਆਫ਼ੀ ਮੰਗਣ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ’ਤੇ ਵਿਚਾਰ ਕਰਨ ਲਈ ਕਿਹਾ ਹੈ ਪਰ ਹਾਲ ਦੀ ਘਡ਼ੀ ਉਹ ਅਸਤੀਫ਼ਾ ਦੇਣ ਦੇ ਫ਼ੈਸਲੇ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਮਾਡ਼ਾ ਵਿਹਾਰ ਕਰਨ ਵਾਲੇ ਮੰਤਰੀ ਨੂੰ ਚਿਤਾਵਨੀ ਦੇ ਦਿੱਤੀ ਗਈ ਹੈ ਤੇ ਭਵਿੱਖ ’ਚ ਇਸ ਤਰ੍ਹਾਂ ਦੀ ਕੋਈ ਘਟਨਾ ਨਹੀਂ ਵਾਪਰੇਗੀ। ਉਪ ਕੁਲਪਤੀ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਹੋਣ ਦੇ ਆਸਾਰ ਹਨ ਤੇ ਮੀਟਿੰਗ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। ਸੀਨੀਅਰ ਅਧਿਕਾਰੀਆਂ ਵੱਲੋਂ ਵੀ ਉਪ ਕੁਲਪਤੀ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੋਸ਼ਲ ਮੀਡੀਆ ’ਤੇ ਉਪ ਕੁਲਪਤੀ ਨਾਲ ਮੰਤਰੀ ਵੱਲੋਂ ਕੀਤੇ ਮਾਡ਼ੇ ਵਿਹਾਰ ਦਾ ਮਾਮਲਾ ਦਿਨ ਭਰ ਭਖਿਆ ਰਿਹਾ।