ਕਰਨਾਟਕ ‘ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਐਲਾਨ ਕੀਤਾ ਕਿ ਸਿੱਧਰਮਈਆ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ ਅਤੇ ਡੀ.ਕੇ. ਸ਼ਿਵਕੁਮਾਰ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਗਲੇ ਸਾਲ ਲੋਕ ਸਭਾ ਚੋਣਾਂ ਤੱਕ ਸ਼ਿਵਕੁਮਾਰ ਸੂਬੇ ‘ਚ ਪਾਰਟੀ ਦੇ ਪ੍ਰਧਾਨ ਬਰਕਰਾਰ ਰਹਿਣਗੇ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਰਾਤ ਵੇਣੂਗੋਪਾਲ ਅਤੇ ਕਰਨਾਟਕ ਦੇ ਜਨਰਲ ਸਕੱਤਰ ਇੰਚਾਰਜ ਰਣਦੀਪ ਸੁਰਜੇਵਾਲਾ ਨਾਲ ਲੰਬੀ ਗੱਲਬਾਤ ਕੀਤੀ ਅਤੇ ਫਿਰ ਉਨ੍ਹਾਂ ਨੂੰ ਇਸ ਫਾਰਮੂਲੇ ‘ਤੇ ਮਨਾਉਣ ਲਈ ਸਿੱਧਾਰਮਈਆ ਅਤੇ ਸ਼ਿਵਕੁਮਾਰ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕੀਤੀ। ਸਹੁੰ ਚੁੱਕ ਸਮਾਗਮ 20 ਮਈ ਨੂੰ ਬਾਅਦ ਦੁਪਹਿਰ 12:30 ਵਜੇ ਹੋਵੇਗਾ। ਬੰਗਲੌਰ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ ਜਿਸ ‘ਚ ਅਧਿਕਾਰਤ ਐਲਾਨ ਕੀਤਾ ਜਾਵੇਗਾ। ਸਹੁੰ ਚੁੱਕ ਸਮਾਗਮ ‘ਚ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ।