ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਰੋਸ ਮਾਰਚ ਕੱਢਿਆ ਗਿਆ ਅਤੇ ਹਰਿਆਣਾ ‘ਚ ਵੱਖਰੀ ਕਮੇਟੀ ਬਣਾਉਣ ਲਈ ਬਣਾਏ ਗਏ ਐਕਟ ਨੂੰ ਰੱਦ ਕਰਨ ਅਤੇ ਸਿੱਖ ਵਿਰੋਧੀ ਤਾਕਤਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ। ਰੋਸ ਵਿਖਾਵੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਲੇ ਝੰਡੇ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ ਜਿਨ੍ਹਾਂ ਉੱਪਰ ਹਰਿਆਣਾ ਕਮੇਟੀ ਬਣਾਉਣ ਖ਼ਿਲਾਫ਼ ਨਾਅਰੇ ਲਿਖੇ ਹੋਏ ਸਨ। ਇਹ ਰੋਸ ਮਾਰਚ ਸ੍ਰੀ ਦਰਬਾਰ ਸਾਹਿਬ ਤੋਂ ਕਚਹਿਰੀ ਤੱਕ ਕੀਤਾ ਗਿਆ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ‘ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਸ਼ਾਮਲ ਸਨ। ਪੰਥਕ ਜੈਕਾਰਿਆਂ ਦੇ ਨਾਲ ਆਰੰਭ ਹੋਇਆ ਇਹ ਰੋਸ ਮਾਰਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜਾ ਜਿੱਥੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ‘ਚ ਮੰਗ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਬਣਾਏ ਗਏ ਹਰਿਆਣਾ ‘ਚ ਵੱਖਰੀ ਕਮੇਟੀ ਐਕਟ ਨੂੰ ਰੱਦ ਕੀਤਾ ਜਾਵੇ। ਸਿੱਖ ਪੰਥ ਨੂੰ ਖੋਰਾ ਲਾਉਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਨੂੰ ਨੱਥ ਪਾਈ ਜਾਵੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਧਰਨੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੰਗ ਪੱਤਰ ਲੈਣ ਲਈ ਪੁੱਜੇ ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ ਨੇ ਮੰਗ ਕੀਤੀ ਕਿ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦੇਣਗੇ। ਜਿਸ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਕਰਮਚਾਰੀਆਂ ਤੇ ਹੋਰਨਾਂ ਨੂੰ ਲਗਪਗ ਇਕ ਘੰਟੇ ਤੋਂ ਵੱਧ ਧਰਨਾ ਦੇਣਾ ਪਿਆ। ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਮੰਗ ਪੱਤਰ ਲਏ ਜਾਣ ‘ਤੇ ਧਰਨਾ ਖ਼ਤਮ ਕੀਤਾ ਗਿਆ। ਰੋਸ ਮਾਰਚ ਕੱਢਣ ਦਾ ਫ਼ੈਸਲਾ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ‘ਚ ਕੀਤਾ ਗਿਆ ਸੀ। ਇਸ ਤੋਂ ਇਲਾਵਾ 7 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਤੱਕ ਮਾਰਚ ਕੱਢੇ ਜਾਣਗੇ ਜਿਸ ਦਾ ਮੰਤਵ ਲੋਕਾਂ ਨੂੰ ਜਾਗਰੂਕ ਕਰਨਾ ਹੈ।