ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣਨ ਲਈ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਸ਼੍ਰੋਮਣੀ ਕਮੇਟੀ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ, ਜੋ ਅੱਜ ਪਾਕਿਸਤਾਨ ਲਈ ਰਵਾਨਾ ਹੋਏ ਹਨ। ਉਹ ਪਾਕਿਸਤਾਨ ਵਿਖੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ‘ਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਮੁੱਖ ਸਮਾਗਮ ‘ਚ ਸ਼ਾਮਲ ਹੋਣ ਲਈ ਗਏ ਹਨ। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਗੁਰਦੁਆਰਿਆਂ ਦੇ ਪ੍ਰਬੰਧ ਬਾਰੇ ਆਪਣੀ ਮਨਸ਼ਾ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਸ਼੍ਰੋਮਣੀ ਕਮੇਟੀ ਦਾ ਉਹ ਖਦਸ਼ਾ ਵੀ ਸੱਚ ਸਾਬਤ ਹੋਇਆ ਜਿਸ ਬਾਰੇ ਹਰਿਆਣਾ ਦੇ ਸਿੱਖਾਂ ਨੂੰ ਸੁਚੇਤ ਕੀਤਾ ਸੀ ਕਿ ਸਰਕਾਰਾਂ ਸਿੱਖ ਧਰਮ ‘ਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ ਅਤੇ ਗੁਰਧਾਮਾਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ‘ਚ ਸਪੱਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਕਮੇਟੀ ਦੇ ਮੈਂਬਰ ਸੰਗਤ ਵੱਲੋਂ ਨਹੀਂ ਚੁਣੇ ਜਾਣਗੇ ਸਗੋਂ ਸਰਕਾਰ ਵੱਲੋਂ ਨਾਮਜ਼ਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਸਰਪ੍ਰਸਤ ਵੀ ਸਰਕਾਰ ਵੱਲੋਂ ਨਾਮਜ਼ਦ ਹੋਵੇਗਾ। ਇਹ ਐਡਹਾਕ ਕਮੇਟੀ 18 ਮਹੀਨਿਆਂ ਲਈ ਹੋਵੇਗੀ ਜੇਕਰ ਨਿਰਧਾਰਤ ਸਮੇਂ ਤੇ ਚੋਣ ਨਹੀਂ ਹੁੰਦੀ ਤਾਂ ਅਗਲੇ 18 ਮਹੀਨੇ ਲਈ ਮੁੜ ਸਰਕਾਰ ਵੱਲੋਂ ਹੀ ਕਮੇਟੀ ਨਾਮਜ਼ਦ ਕੀਤੀ ਜਾਵੇਗੀ। ਐਡਹਾਕ ਕਮੇਟੀ ‘ਚ 41 ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਇੰਜ ਤਿੰਨ ਸਾਲਾਂ ਲਈ ਗੁਰਦੁਆਰਿਆਂ ਦਾ ਪ੍ਰਬੰਧ ਸਰਕਾਰ ਦੇ ਹੱਥ ‘ਚ ਹੋਵੇਗਾ। ਕਮੇਟੀ ਦਾ ਸਰਪ੍ਰਸਤ ਨਾਮਜ਼ਦ ਕੀਤੇ ਜਾਣ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਸਿੱਖ ਧਰਮ ‘ਚ ਸਿੱਖਾਂ ਦੀ ਸਰਪ੍ਰਸਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੀ ਜਾਂਦੀ ਹੈ। ਹਰਿਆਣਾ ਦੇ ਸਿੱਖ ਆਗੂਆਂ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਤੇ ਹੋਰਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮਨਸ਼ਾ ਨੂੰ ਸਮਝਣ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਨਾ ਸਮਝੇ ਤਾਂ ਬਾਅਦ ‘ਚ ਪਛਤਾਉਣਾ ਪਵੇਗਾ ਅਤੇ ਬਾਅਦ ‘ਚ ਸਰਕਾਰ ਦੇ ਅਜਿਹੇ ਫ਼ੈਸਲੇ ਖ਼ਿਲਾਫ਼ ਵੀ ਲੜਨਾ ਪਵੇਗਾ। ਉਨ੍ਹਾਂ ਹਰਿਆਣਾ ਦੇ ਸਿੱਖਾਂ ਨੂੰ ਮੁੜ ਪੇਸ਼ਕਸ਼ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਤੇ ਆਉਣ ਅਤੇ ਮਿਲ ਬੈਠ ਕੇ ਇਸ ਮਸਲੇ ਬਾਰੇ ਵਿਚਾਰ ਕੀਤਾ ਜਾਵੇ ਅਤੇ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਦੇਰ ਰਾਤ ਨੂੰ ਦਿੱਲੀ ਸਥਿਤ ਪਾਕਿਸਤਾਨੀ ਸਫਾਰਤਖਾਨੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਰੱਦ ਕੀਤੇ ਗਏ 40 ਵੀਜ਼ਿਆਂ ‘ਚੋਂ 14 ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਪਿਛਲੇ ਦੋ ਦਿਨਾਂ ਤੋਂ ਰੱਦ ਕੀਤੇ ਵੀਜ਼ੇ ਬਹਾਲ ਕਰਾਉਣ ਲਈ ਪਾਕਿਸਤਾਨੀ ਸਫ਼ਾਰਤਖਾਨੇ ਦੇ ਚੱਕਰ ਲਾ ਰਹੇ ਸਨ।