ਪੰਜਾਬ ‘ਚ ਡਰੱਗ ਦੀ ਤਸਕਰੀ ਅਤੇ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ‘ਚ ਫਰਾਰ ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਦੇ ਹੱਥ ਅਜੇ ਵੀ ਖਾਲੀ ਹਨ। ਐੱਸ.ਟੀ.ਐੱਫ. ਨੂੰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਜਾਣਾ ਹੈ ਪਰ ਰਾਜਜੀਤ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ। ਜਾਣਕਾਰੀ ਮੁਤਾਬਕ ਐੱਸ.ਟੀ.ਐੱਫ. ਰਾਜਜੀਤ ਸਿੰਘ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਖ਼ਿਲਾਫ਼ ਪਿਛਲੇ ਮਹੀਨੇ ਐੱਸ.ਟੀ.ਐੱਫ. ਅਤੇ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤੇ ਗਏ ਸਨ ਜਿਸ ਤੋਂ ਬਾਅਦ ਮੁਲਜ਼ਮ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਜਜੀਤ ਦੇ ਘਰ ਨੂੰ ਤਾਲਾ ਲੱਗਿਆ ਹੋਇਆ ਹੈ। ਮੁਲਜ਼ਮ ਦਾ ਪਰਿਵਾਰ ਵੀ ਰੂਪੋਸ਼ ਹੈ। ਡਰੱਗ ਤਸਕਰੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਵੱਲੋਂ ਤਿਆਰ ਕੀਤੀ ਗਈ ਨਸ਼ਾ ਤਸਕਰੀ ਰਿਪੋਰਟ ਅਪ੍ਰੈਲ ‘ਚ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ। ਇਸ ਦੇ ਨਾਲ ਹੀ ਵਿਜੀਲੈਂਸ ਤੇ ਐੱਸ.ਟੀ.ਐੱਫ. ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਐੱਸ.ਟੀ.ਐੱਫ. ਤੇ ਵਿਜੀਲੈਂਸ ਨੇ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕਰ ਦਿੱਤਾ ਹੈ ਪਰ ਰਾਜਜੀਤ ਸਿੰਘ ਫੜਿਆ ਨਹੀਂ ਜਾ ਸਕਿਆ। ਇਸ ਤੋਂ ਪਹਿਲਾਂ ਜੇਲ੍ਹ ‘ਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਖ਼ਿਲਾਫ਼ 2017 ‘ਚ ਦਰਜ ਹੋਏ ਕੇਸ ‘ਚ ਰਾਜਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਉਸ ਦੀ ਆਖਰੀ ਲੋਕੇਸ਼ਨ ਵਿਜੀਲੈਂਸ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਤੋਂ ਮਿਲੀ ਸੀ। ਇਸ ਦੇ ਨਾਲ ਹੀ ਉਸ ਦੀ ਘਰੋਂ ਬਾਹਰ ਨਿਕਲਦੇ ਦੀ ਫੋਟੋ ਕੈਮਰੇ ‘ਚ ਕੈਦ ਹੋ ਗਈ ਸੀ। ਇਸ ‘ਚ ਉਸਦੇ ਹੱਥ ‘ਚ ਦੋ ਬੈਗ ਨਜ਼ਰ ਆ ਰਹੇ ਸਨ ਪਰ ਉਸ ਤੋਂ ਬਾਅਦ ਕੋਈ ਉੱਘ-ਸੁੱਘ ਨਹੀਂ ਲੱਗ ਸਕੀ।