ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤਣ ਹਾਸਲ ਕਰਨ ਵਾਲੇ ਸੁਸ਼ੀਲ ਰਿੰਕੂ ਨੇ ਨਵੀਂ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਕੇਜਰੀਵਾਲ ਨੇ ਪੰਜਾਬ ‘ਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੋਂ ਬਾਅਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਭਗਵੰਤ ਨਾਲ ਮਿਲ ਕੇ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ਵੀ ਕੀਤੀ। ਉਨ੍ਹਾਂ ਕਿਹਾ, ‘ਅਸੀਂ ਧਰਮ ਅਤੇ ਜਾਤ ਦੀ ਰਾਜਨੀਤੀ ਨਹੀਂ ਕਰਦੇ। ਅਸੀਂ ਵਿਕਾਸ ਦੀ ਰਾਜਨੀਤੀ ਕਰਦੇ ਹਾਂ। ਇਸ ਜਿੱਤ ਲਈ ਜਲੰਧਰ ਵਾਸੀਆਂ ਨੂੰ ਬਹੁਤ ਬਹੁਤ ਵਧਾਈਆਂ। ਜਨਤਾ ਨੇ ਸਾਡੇ ਕੰਮ ਦੀ ਰਾਜਨੀਤੀ ‘ਤੇ ਮੋਹਰ ਲਗਾ ਦਿੱਤੀ ਹੈ। ਇਹ ਇਲਾਕਾ ਕਾਂਗਰਸ ਦਾ ਗੜ੍ਹ ਰਿਹਾ ਹੈ। ਤੁਸੀਂ ਉਥੇ ਡਟ ਕੇ ਚੋਣ ਜਿੱਤੀ ਹੈ।’ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਦਾ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਜਿੱਤ ਨਾਲ ਮੋਢਿਆਂ ‘ਤੇ ਜ਼ਿੰਮੇਵਾਰੀ ਹੋਰ ਵਧ ਗਈ ਹੈ ਅਤੇ ਉਹ ਪੰਜਾਬ ਦੇ ਲੋਕਾਂ ਨੂੰ ਕਦੇ ਨਿਰਾਸ਼ ਨਹੀਂ ਕਰਨਗੇ।