ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਅਦਾਕਾਰਾ ਪਰਣਿਤੀ ਚੋਪੜਾ ਨਾਲ ਮੰਗਣੀ ‘ਚ ਸ਼ਾਮਲ ਹੋਣ ਨੂੰ ਲੈ ਕੇ ਪੰਥਕ ਹਲਕਿਆਂ ‘ਚ ਨਵਾਂ ਵਿਵਾਦ ਛਿੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂਆਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮੰਗਣੀ ਸਮਾਗਮ ‘ਚ ਸ਼ਾਮਲ ਹੋਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਤਾਂ ਇਥੋਂ ਤਕ ਕਹਿ ਦਿੱਤਾ ਕਿ ਹੁਣ ਇਸ ਕੌਮ ਦਾ ਰੱਬ ਹੀ ਰਾਖਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਜਥੇਦਾਰ ਵਰਗੇ ਉੱਚ ਅਹੁਦੇ ‘ਤੇ ਕਾਬਜ਼ ਗਿਆਨੀ ਹਰਪ੍ਰੀਤ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਦੇ ਸਮਾਗਮ ‘ਚ ਸ਼ਾਮਲ ਹੋਣਾ ਠੀਕ ਨਹੀਂ ਹੈ। ਦੂਜੇ ਪਾਸੇ ਕਈ ਅਜਿਹੇ ਸਿੱਖ ਵਿਦਵਾਨਾਂ ਦੇ ਟਵੀਟ ਵੀ ਸਾਹਮਣੇ ਆਏ ਜਿਨ੍ਹਾਂ ਨੂੰ ਇਸ ‘ਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ। ਇਸ ਧਿਰ ਦਾ ਕਹਿਣਾ ਹੈ ਕਿ ਅਕਾਲੀ ਆਗੂ ਫਜ਼ੂਲ ਦੇ ਮੁੱਦੇ ਖੜ੍ਹੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਦਿੱਲੀ ਦੇ ਕਪੂਰਥਲਾ ਹਾਊਸ ‘ਚ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਮੰਗਣੀ ਕਰ ਲਈ ਹੈ। ਪਰਿਵਾਰਾਂ ਤੇ ਦੋਸਤਾਂ ਦੀ ਮੌਜੂਦਗੀ ‘ਚ ਉਨ੍ਹਾਂ ਨੇ ਇਕ-ਦੂਸਰੇ ਨੂੰ ਮੁੰਦਰੀਆਂ ਪਹਿਨਾਈਆਂ। ਪਰਿਣੀਤੀ ਤੇ ਰਾਘਵ ਦੀ ਮੰਗਣੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ। ਰਾਘਵ ਅਤੇ ਪਰਿਣੀਤੀ ਨੇ ਪ੍ਰਿਅੰਕਾ ਚੋਪੜਾ, ਅਰਵਿੰਦ ਕੇਜਰੀਵਾਲ ਸਮੇਤ ਕਈ ਫਿਲਮੀ ਸਿਤਾਰਿਆਂ ਅਤੇ ਰਾਜਨੇਤਾਵਾਂ ਦੀ ਮੌਜੂਦਗੀ ‘ਚ ਮੰਗਣੀ ਕੀਤੀ। ਮੰਗਣੀ ਦੀ ਰਸਮ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪ੍ਰਸ਼ੰਸਕ ਇਸ ਜੋੜੀ ਦੀ ਕਿਊਟ ਕੈਮਿਸਟਰੀ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ। ਰਾਘਵ ਤੇ ਪਰਿਣੀਤੀ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਮੰਗਣੀ ਕਰ ਲਈ ਹੈ।