ਲੁਧਿਆਣਾ-ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਬੱਦੋਵਾਲ ਨੇੜੇ ਇਕ ਪਲਾਟ ਦੀ ਕੰਧ ਅਤੇ ਇਕ ਵਰਕਸ਼ਾਪ ‘ਚ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਿਖਿਆ ਹੋਇਆ ਸੀ। ਇਸ ਦੀ ਗੁਰਸਿਮਰਨ ਸਿੰਘ ਮੰਡ ਅੰਤਰਰਾਸ਼ਟਰੀ ਐਂਟੀ ਖ਼ਾਲਿਸਤਾਨੀ ਅੱਤਵਾਦੀ ਫਰੰਟ ਦੇ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜੁਆਇੰਟ ਕੋਆਰਡੀਨੇਟਰ ਨੇ ਆਈ.ਜੀ. ਕੌਸਤੁਬ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਦੇ ਹੁਕਮਾਂ ‘ਤੇ ਥਾਣਾ ਦਾਖਾ ਦੀ ਪੁਲੀਸ ਨੇ ਪਹਿਲਾਂ ਪੇਂਟ ਨਾਲ ਲਿਖਿਆ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਸਾਫ਼ ਕਰਵਾਇਆ ਅਤੇ ਵਰਕਸ਼ਾਪ ਦੇ ਮਾਲਕ ਗੁਰਜੰਟ ਸਿੰਘ ਪੁੱਤਰ ਜਵਾਹਰ ਸਿੰਘ ਵਾਸੀ ਸਵੱਦੀ ਕਲਾਂ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ। ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਕਿਸ ਨੇ ਲਿਖਿਆ ਅਤੇ ਕਦੋਂ ਲਿਖਿਆ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੰਡ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੱਖ-ਵੱਖ ਜ਼ਿਲ੍ਹਿਆਂ ‘ਚ ਲਿਖ ਕੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀਆਂ ਚਾਲਾਂ ਅੱਤਵਾਦੀਆਂ ਵੱਲੋਂ ਚੱਲੀਆਂ ਜਾ ਰਹੀਆਂ ਹਨ। ਇਸ ਲਈ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਵਿਰੁੱਧ ਸੰਗੀਨ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਜਾਵੇ ਤਾਂ ਜੋ ਪੰਜਾਬ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹੇ।