ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਇਕ ਦਿਨ ਪਹਿਲਾਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਜਗੀਰ ਕੌਰ ਦੇ ਹੱਕ ‘ਚ ਵੋਟ ਪਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਕ ਹੋਰ ਮੈਂਬਰ ਬਲਦੇਵ ਸਿੰਘ ਚੂੰਘਾ ਨੇ ਵੀ ਬੀਬੀ ਦੀ ਹਮਾਇਤ ਕਰ ਦਿੱਤੀ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਸੰਕਟ ਥੋੜ੍ਹਾ ਹੋਰ ਵਧ ਗਿਆ ਹੈ। ਬਰਨਾਲਾ ਵਿਖੇ ਆਪਣੀ ਰਿਹਾਇਸ਼ ‘ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਜਦੋਂ ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਤਾਂ ਉਹ ਉਸ ਸਮੇਂ ਦੀ ਅਕਾਲੀ ਭਾਜਪਾ ਸਰਕਾਰ ‘ਚ ਨੁਮਾਇੰਦੇ ਸਨ ਜਿਸ ਦੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਮਾਫ਼ੀ ਮੰਗਣਗੇ ਤੇ ਜੋ ਤਖ਼ਤ ਸਾਹਿਬ ਤੋਂ ਸਜ਼ਾ ਦਿੱਤੀ ਜਾਵੇਗੀ ਉਸ ਨੂੰ ਨੰਗੇ ਪੈਰੀਂ ਜਾ ਕੇ ਕਬੂਲ ਕਰਨਗੇ। ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਹਾਰ ਤੇ ਇਕਬਾਲ ਸਿੰਘ ਝੂੰਦਾਂ ਦੀ ਬਣੀ ਕਮੇਟੀ ਨੇ ਕਰੀਬ ਸੌ ਹਲਕਿਆਂ ਤੋਂ ਵੱਧ ਸਰਵੇਖਣ ਕਰ ਕੇ ਲੋਕਾਂ ਦੀ ਰਾਇ ਜਾਣੀ ਸੀ। ਇਸ ‘ਚ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਭੰਗ ਕਰਨ ਸਬੰਧੀ ਕਿਹਾ ਸੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਢਾਂਚੇ ਭੰਗ ਕਰ ਕੇ ਖ਼ੁਦ ਪ੍ਰਧਾਨ ਬਣ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਜਥੇਦਾਰ ਚੂੰਘਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਬਾਦਲ ਨੂੰ ਨਾਨਕ ਸ਼ੱਕ ‘ਚ ਨਹੀਂ ਮਿਲਿਆ। ਉਨ੍ਹਾਂ ਬੀਬੀ ਜਗੀਰ ਕੌਰ ਦੇ ਹੱਕ ‘ਚ ਪ੍ਰਚਾਰ ਕਰਦਿਆਂ ਕਿਹਾ ਕਿ ਇਸ ਵਾਰ ਬੀਬੀ ਜਗੀਰ ਕੌਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨੀ ਚਾਹੀਦੀ ਹੈ। ਪਾਰਟੀ ‘ਚੋਂ ਜਥੇਦਾਰ ਬਲਦੇਵ ਸਿੰਘ ਚੂੰਘਾ ਨੂੰ ਜ਼ਿਲ੍ਹਾ ਆਗੂ ਤੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਕੱਢੇ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਅਸੀਂ ਖੁਦ ਅਕਾਲੀ ਹਾਂ ਤੇ ਅਕਾਲੀ ਹੀ ਰਹਾਂਗੇ।