ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਧਮਕੀ ਤੋਂ ਬਾਅਦ ਦਿੱਲੀ ਪੁਲੀਸ ਦੇ ਉਨ੍ਹਾਂ 13 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਜੋ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਮਾਮਲੇ ਦੀ ਤਫ਼ਤੀਸ਼ ‘ਚ ਸ਼ਾਮਲ ਹਨ। ਇਨ੍ਹਾਂ ‘ਚੋਂ ਤਿੰਨ ਨੂੰ ‘ਵਾਈ’ ਜਦੋਂਕਿ 9 ਜਣਿਆਂ ਨੂੰ ‘ਐਕਸ’ ਵਰਗ ਦੀ ਸੁਰੱਖਿਆ ਮੁਹੱਈਆ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕੈਨੇਡਾ ਅਧਾਰਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਹ 13 ਪੁਲੀਸ ਅਧਿਕਾਰੀ ਦਿੱਲੀ ਪੁਲੀਸ ਨਾਲ ਸਬੰਧਤ ਹਨ। ਸੂਤਰਾਂ ਮੁਤਾਬਕ ਇਨ੍ਹਾਂ ਅਧਿਕਾਰੀਆਂ ਨੂੰ 24 ਘੰਟੇ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਾਲ ਇਨ੍ਹਾਂ ਦੀ ਦਿੱਲੀ ਵਿਚਲੀਆਂ ਰਿਹਾਇਸ਼ਾਂ ਦੇ ਬਾਹਰ ਸਖ਼ਤ ਚੌਕਸੀ ਰੱਖੀ ਜਾਵੇਗੀ। ਸਿੱਧੂ ਮੂਸੇਵਾਲਾ ਦਾ ਇਸ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਕਤਲ ਕਰ ਦਿੱਤਾ ਗਿਆ ਸੀ। ਦਿੱਲੀ ਦੇ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਵੱਲੋਂ ਜਾਰੀ ਹੁਕਮਾਂ ਮਗਰੋਂ ਸਪੈਸ਼ਲ ਕਮਿਸ਼ਨਰ ਆਫ਼ ਪੁਲੀਸ (ਵਿਸ਼ੇਸ਼ ਸੈੱਲ) ਐੱਚ.ਜੀ.ਐੱਸ. ਧਾਲੀਵਾਲ, ਡੀ.ਸੀ.ਪੀ. ਰਾਜੀਵ ਰੰਜਨ ਤੇ ਡੀ.ਸੀ.ਪੀ. (ਵਿਸ਼ੇਸ਼ ਸੈੱਲ) ਮਾਨਿਸ਼ੀ ਚੰਦਰ ਲਈ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸੁਰੱਖਿਆ ਵਧਾਉਣ ਦਾ ਫੈਸਲਾ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਦਿੱਤੀਆਂ ਧਮਕੀਆਂ ਦੀ ਵਿਆਪਕ ਸਮੀਖਿਆ ਮਗਰੋਂ ਲਿਆ ਗਿਆ ਹੈ। ਲੰਡਾ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਦੇ ਅਧਿਕਾਰੀਆਂ ਨੂੰ ਧਮਕਾਉਂਦੇ ਹੋਏ ਦਾਅਵਾ ਕੀਤਾ ਸੀ ਕਿ ਉਸ ਕੋਲ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਤੇ ਜੇਕਰ ਉਹ ਆਪਣੀ ਗਲੀ ‘ਚ ਘੁੰਮਦੇ ਨਜ਼ਰ ਆਏ ਤਾਂ ਚੰਗਾ ਨਹੀਂ ਹੋਵੇਗਾ।