ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਕਾਂਗਰਸ ਪ੍ਰਧਾਨ ਦੀ ਚੋਣ ਕਰਵਾਉਣ ਬਾਰੇ ਅਖੀਰ ਐਲਾਨ ਹੋ ਗਿਆ ਹੈ। ਇਹ ਚੋਣ 17 ਅਕਤੂਬਰ ਨੂੰ ਹੋਵੇਗੀ। ਕਾਂਗਰਸ ਨੇ ਨਾਲ ਹੀ ਕਿਹਾ ਕਿ ਉਹ ਮੁਲਕ ‘ਚ ਅਜਿਹੀ ਇਕੱਲੀ ਪਾਰਟੀ ਹੈ ਜੋ ਇਸ ਤਰ੍ਹਾਂ ਦੀ ਲੋਕਤੰਤਰਿਕ ਪ੍ਰਕਿਰਿਆ ਦਾ ਪਾਲਣ ਕਰਦੀ ਹੈ। ਪਾਰਟੀ ਨੇ ਆਖ਼ਰੀ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਨਵੰਬਰ 2000 ‘ਚ ਕਰਵਾਈ ਸੀ। ਜ਼ਿਕਰਯੋਗ ਹੈ ਕਿ ਭਾਜਪਾ ਵੰਸ਼ਵਾਦ ਦੀ ਰਾਜਨੀਤੀ ਦੇ ਮੁੱਦੇ ‘ਤੇ ਕਾਂਗਰਸ ਨੂੰ ਵਾਰ-ਵਾਰ ਘੇਰਦੀ ਰਹੀ ਹੈ। ਸੱਤਾਧਾਰੀ ਪਾਰਟੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਪਾਰਟੀ ਦੇ ਮਾਮਲਿਆਂ ‘ਚ ਗਾਂਧੀ ਪਰਿਵਾਰ ਦਾ ਦਖ਼ਲ ਹੈ। ਸੋਨੀਆ ਗਾਂਧੀ ਪਾਰਟੀ ਦੇ ਸਭ ਤੋਂ ਲੰਮਾ ਸਮਾਂ ਪ੍ਰਧਾਨ ਰਹੇ ਹਨ ਤੇ 2017-19 ਦੇ ਸਮੇਂ ਨੂੰ ਛੱਡ ਕੇ 1998 ਤੋਂ ਇਸ ਅਹੁਦੇ ਉਤੇ ਹਨ। ਇਨ੍ਹਾਂ ਦੋ ਸਾਲਾਂ ਦੌਰਾਨ ਪਾਰਟੀ ਦੀ ਕਮਾਨ ਰਾਹੁਲ ਗਾਂਧੀ ਨੂੰ ਸੌਂਪੀ ਗਈ ਸੀ। ਚੋਣ ਤਰੀਕਾਂ ਬਾਰੇ ਫ਼ੈਸਲਾ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਸਰਬਸੰਮਤੀ ਨਾਲ ਲਿਆ ਗਿਆ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸੀਨੀਅਰ ਪਾਰਟੀ ਆਗੂ ਗੁਲਾਮ ਨਬੀ ਆਜ਼ਾਦ ਵੱਲੋਂ ਦਿੱਤੇ ਅਸਤੀਫ਼ੇ ਕਾਰਨ ਪਾਰਟੀ ਅੰਦਰ ਹਲਚਲ ਵੀ ਹੈ ਕਿਉਂਕਿ ਉਨ੍ਹਾਂ ਆਪਣੇ ਅਸਤੀਫ਼ੇ ‘ਚ ਰਾਹੁਲ ਗਾਂਧੀ ‘ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਆਜ਼ਾਦ ਉਨ੍ਹਾਂ 23 ਆਗੂਆਂ ਦਾ ਵੀ ਹਿੱਸਾ ਸਨ ਜਿਨ੍ਹਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ 2020 ‘ਚ ਵਿਆਪਕ ਜਥੇਬੰਦਕ ਸੁਧਾਰਾਂ ਲਈ ਪੱਤਰ ਲਿਖਿਆ ਸੀ। ਉਨ੍ਹਾਂ ਉਸ ਵੇਲੇ ਚੋਣਾਂ ਕਰਾਉਣ ਲਈ ਵੀ ਕਿਹਾ ਸੀ। ਪਾਰਟੀ ਦੀ ਕੇਂਦਰੀ ਚੋਣ ਅਥਾਰਿਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੇ ਦੱਸਿਆ ਕਿ ਚੋਣ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ ਤੇ ਨਾਮਜ਼ਦਗੀਆਂ ਦਾ ਦੌਰ 24 ਸਤੰਬਰ ਨੂੰ ਸ਼ੁਰੂ ਹੋਵੇਗਾ। ਨਾਮਜ਼ਦਗੀਆਂ 30 ਸਤੰਬਰ ਤੱਕ ਦਿੱਤੀਆਂ ਜਾ ਸਕਣਗੀਆਂ। ਨਾਮਜ਼ਦਗੀਆਂ ਦੀ ਪੜਤਾਲ ਪਹਿਲੀ ਅਕਤੂਬਰ ਨੂੰ ਹੋਵੇਗੀ। ਅੱਠ ਅਕਤੂਬਰ ਤੱਕ ਇਹ ਵਾਪਸ ਲਈਆਂ ਜਾ ਸਕਣਗੀਆਂ। ਇਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿਚ ਚੋਣ 17 ਅਕਤੂਬਰ ਨੂੰ ਕਰਵਾਈ ਜਾਵੇਗੀ। ਜਦਕਿ ਜੇ ਲੋੜ ਪੈਂਦੀ ਹੈ ਤਾਂ ਵੋਟਾਂ ਦੀ ਗਿਣਤੀ ਤੇ ਨਤੀਜੇ ਦਾ ਐਲਾਨ 19 ਅਕਤੂਬਰ ਨੂੰ ਕੀਤੇ ਜਾਣਗੇ।