ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਹੋਣ ਤੋਂ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਕਾਰਵਾਈ ਕਰਦਿਆਂ ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼ ਗਰੀਨ ਪਾਰਕ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦੀ ਧਾਰਾ 4 ਅਤੇ 6 ਤਹਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਅਕਤੀ ਦਾ ਪੁਲੀਸ ਰਿਕਾਰਡ ਸਹੀ ਨਹੀਂ ਹੈ ਉਸ ਨੂੰ ਟਰੈਵਲ ਕਾਰੋਬਾਰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਐਕਟ ਦੀ ਧਾਰਾ 4 ਅਤੇ 6 ਲਾਇਸੰਸ ਨੂੰ ਰੱਦ ਕਰਨ ਸਬੰਧੀ ਸਪੱਸ਼ਟ ਕਰਦੀ ਹੈ ਕਿ ਜਦੋਂ ਵੀ ਸਮਰੱਥ ਅਥਾਰਿਟੀ ਨੂੰ ਪੁਲੀਸ ਰਿਕਾਰਡ ਅਨੁਸਾਰ ਲਾਇਸੰਸ ਧਾਰਕਾਂ ਦੇ ਕਿਸੇ ਅਜਿਹੇ ਅਪਰਾਧ ਵਿਚ ਸ਼ਾਮਲ ਹੋਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਜੋ ਲਾਇਸੰਸ ਦੇ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਦਾ ਹੈ, ਸਮਰੱਥ ਅਥਾਰਿਟੀ ਲਾਇਸੰਸ ਨੂੰ ਰੱਦ ਕਰ ਸਕਦੀ ਹੈ। ਵਰਣਨਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਲਾਇਸੰਸ ਰੱਦ ਕਰਨ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਮੁਲਜ਼ਮ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਨੂੰ ਲੈ ਕੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ। ਉਥੇ ਹੀ, ਡੀ.ਸੀ. ਨੇ ਜ਼ਿਲ੍ਹੇ ‘ਚ ਇਮੀਗ੍ਰੇਸ਼ਨ ਫਰਮਾਂ ਦੀ ਵਿਸਥਾਰਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਦੀ ਦੇਖ-ਰੇਖ ਵਿਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਹੜੀਆਂ ਇਮੀਗ੍ਰੇਸ਼ਨ ਕੰਸਲਟੈਂਸੀ ਦੀਆਂ ਸਰਗਰਮੀਆਂ ਦੀ ਨਿਯਮਿਤ ਜਾਂਚ ਕਰਨਗੀਆਂ। ਇਸ ‘ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।