ਵਿਰੋਧੀ ਧਿਰ ਦੇ ਭਾਰੀ ਸ਼ੋਰ-ਸ਼ਰਾਬੇ ਦਰਮਿਆਨ ਪੰਜਾਬ ਵਿਧਾਨ ਸਭਾ ਨੇ ਵਿਜੀਲੈਂਸ ਕਮਿਸ਼ਨ ਰੱਦ ਕਰਨ ਸਮੇਤ ਤਿੰਨ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ‘ਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਅਤੇ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2 (ਜੀ) ‘ਚ ਸੋਧ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ‘ਚ ਪੇਸ਼ ਕੀਤਾ। ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਜਨ ਪ੍ਰਤੀਨਿਧੀ ‘ਤੇ ਅਪਰਾਧ ਕਰਨ ਦੇ ਦੋਸ਼ ਲਾਉਣ ਵਾਲੀਆਂ ਸ਼ਿਕਾਇਤਾਂ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣਾ ਅਤੇ ਵਿਜੀਲੈਂਸ ਬਿਊਰੋ ਤੇ ਪੁਲੀਸ ਅਦਾਰੇ ਦੇ ਕੰਮਕਾਜ ‘ਤੇ ਨਿਗਰਾਨੀ ਅਤੇ ਕੰਟਰੋਲ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020, ਜਿਸ ਨੂੰ ਕੇਂਦਰੀ ਵਿਜੀਲੈਂਸ ਕਮਿਸ਼ਨ ਐਕਟ 2003 ਦੀ ਤਰਜ਼ ‘ਤੇ ਲਾਗੂ ਕੀਤਾ ਜਾਣਾ ਸੀ ਪਰ ਇਹ ਕਮਿਸ਼ਨ ਗੰਭੀਰ ਭਟਕਣਾ ਦਾ ਸ਼ਿਕਾਰ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਐਕਟ ਅਧੀਨ ਗਠਿਤ ਕੀਤਾ ਗਿਆ ਵਿਜੀਲੈਂਸ ਕਮਿਸ਼ਨ ਸਰਕਾਰੀ ਖਜ਼ਾਨੇ ‘ਤੇ ਬੋਝ ਬਣਨ ਤੋਂ ਇਲਾਵਾ ਕਿਸੇ ਵੀ ਲਾਭਦਾਇਕ ਉਦੇਸ਼ ਦੀ ਪੂਰਤੀ ਕਰਨ ਦੀ ਸੰਭਾਵਨਾ ਨਹੀਂ ਰੱਖਦਾ। ਇਸ ਲਈ ਆਪਸੀ ਵਿਰੋਧਤਾ, ਵਿਰੋਧੀ ਲੱਭਤਾਂ, ਨਤੀਜੇ ਵਜੋਂ ਦੇਰੀ ਅਤੇ ਸੰਚਾਰ ਵਿੱਚ ਪਾੜੇ ਤੋਂ ਬਚਣ ਲਈ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 2020 (2020 ਦਾ ਪੰਜਾਬ ਐਕਟ ਨੰਬਰ 20) ਨੂੰ ਰੱਦ ਕਰਨਾ ਜ਼ਰੂਰੀ ਹੋ ਗਿਆ ਹੈ। ਸੂਬਾ ਸਰਕਾਰ ਨੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ, 2020 (2020 ਦਾ ਪੰਜਾਬ ਐਕਟ ਨੰਬਰ 20) ਨੂੰ ਰੱਦ ਕਰਕੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਐਕਟ, 2022 ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਐਕਟ 13 ਨਵੰਬਰ, 2020 ਨੂੰ ਲਾਗੂ ਹੋਇਆ ਸੀ। ਇਸ ਐਕਟ ਤਹਿਤ ਬਣਾਏ ਗਏ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਨੇ ਲੋੜੀਂਦੇ ਉਦੇਸ਼ ਪ੍ਰਾਪਤ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਜ ਵਾਸੀਆਂ ਦੇ ਵਡੇਰੇ ਲੋਕ ਹਿੱਤ ‘ਚ ਲਿਆ ਗਿਆ ਹੈ। ਵਿਧਾਨ ਸਭਾ ‘ਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਵੀ ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿੱਲ ਸਦਨ ‘ਚ ਪੇਸ਼ ਕੀਤਾ, ਜਿਸ ਨੂੰ ਭਾਰੀ ਬਹੁਮੱਤ ਨਾਲ ਪਾਸ ਕਰ ਦਿੱਤਾ ਗਿਆ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਹਾਲਤ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੀਆਂ ਖਾਮੀਆਂ ਦੂਰ ਕਰ ਦਿੱਤੀਆਂ ਹਨ ਅਤੇ ਜਾਅਲੀ ਬਿਲਿੰਗ ਬੰਦ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ ਵਪਾਰੀਆਂ ਨੂੰ ਫਾਇਦਾ ਹੋਵੇਗਾ ਸਗੋਂ ਸੂਬੇ ਦੇ ਮਾਲੀਏ ‘ਚ ਵੀ ਵਾਧਾ ਹੋਵੇਗਾ। ਚੀਮਾ ਨੇ ਕਿਹਾ ਕਿ ਟੈਕਸ ਚੋਰੀ ਕਰਨ ਵਾਲੇ ਲੋਕਾਂ ‘ਤੇ ਰੋਕ ਲਾਉਣ ਲਈ ਧਾਰਾ-16 ‘ਚ ਸੋਧ ਕੀਤੀ ਜਾ ਰਹੀ ਹੈ। ਇਸ ਸੋਧ ਨਾਲ ਸਰਕਾਰ ਕੋਲ ਅਧਿਕਾਰ ਆ ਜਾਵੇਗਾ ਜਿਸ ਨਾਲ ਟੈਕਸਦਾਤੇ ਨੂੰ ਕੁਝ ਹਾਲਾਤ ‘ਚ ਟੈਕਸ ਦਾ ਕ੍ਰੈਡਿਟ ਲੈਣ ਤੋਂ ਰੋਕਿਆ ਜਾ ਸਕੇਗਾ।